ਸੇਵਾ ਕੇਂਦਰਾਂ ਅਤੇ ਪੜਤਾਲ ਕੇਸਾਂ ਦਾ ਸਮਾਂਬੱਧ ਢੰਗ ਨਾਲਨਿਪਟਾਰਾ ਕਰਨ ਦੇ ਆਦੇਸ਼
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 17 ਮਈ 2023 : ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਇੰਤਕਾਲਾਂ ਤੇ ਹੋਰ ਸਬੰਧਤ ਮਾਮਲਿਆਂ ਵਿੱਚ ਕੋਈ ਵੀ ਬੇਲੋੜੀ ਦੇਰੀ ਜਾਂ ਲਾਪ੍ਰਵਾਹੀ ਨਾ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਇਹ ਹਦਾਇਤ ਵਧੀਕ ਡਿਪਟੀ ਕਮਿਸ਼ਨਰ (ਜ) ਮਾਨਸਾ ਉਪਕਾਰ ਸਿੰਘ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਰੱਖੀ ਮਹੀਨਾਵਾਰ ਮੀਟਿੰਗ ਦੌਰਾਨ ਦਿੱਤੀ। ਇਸ ਮੀਟਿੰਗ ਵਿੱਚ ਐਸ.ਡੀ.ਐਮ ਮਾਨਸਾ/ ਬੁਢਲਾਡਾ ਪ੍ਰਮੋਦ ਸਿੰਗਲਾ, ਐਸ.ਡੀ.ਐਮ ਸਰਦੂਲਗੜ੍ਹ ਪੂਨਮ ਸਿੰਘ, ਸਹਾਇਕ ਕਮਿਸ਼ਨਰ (ਜ) ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਮਾਲ ਅਫ਼ਸਰ ਸੁਖਰਾਜ ਸਿੰਘ ਢਿੱਲੋਂ ਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।
ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟ੍ਰੇਟਾਂ, ਜ਼ਿਲਾ ਮਾਲ ਅਫ਼ਸਰ, ਸੀ.ਆਰ.ਓਜ਼ ਆਦਿ ਨਾਲ ਸਬੰਧਤ ਤਕਸੀਮ, ਇੰਤਕਾਲ, ਸਟੈਂਪ ਐਕਟ, ਨਿਸ਼ਾਨਦੇਹੀ, ਖਸਰਾ ਗਿਰਦਾਵਰੀ ਆਦਿ ਨਾਲ ਸਬੰਧਤ ਬਕਾਇਆ ਕੇਸਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਮਾਲ ਵਿਭਾਗ ਦੇ ਅਹਿਮ ਕੰਮਾਂ ਦੀ ਲਗਾਤਾਰ ਨਜ਼ਰਸਾਨੀ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸੇਵਾ ਕੇਂਦਰਾਂ ਅਤੇ ਪੜਤਾਲਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ।











