
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 20 ਮਈ 2023 : ਦਿੱਲੀ ਵਿੱਚ ਅਧਿਕਾਰੀਆਂ ਦੀਆਂ ਬਦਲੀਆਂ ਤੇ ਤੈਨਾਤੀ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫੈਸਲੇ ਤੋਂ ਬਾਅਦ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਉਤੇ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਜੇਕਰ ਭਾਰਤੀ ਸੰਵਿਧਾਨ ਵਿੱਚ ਲੋਕਤੰਤਰ ਦੇ ਕਾਤਲਾਂ ਨੂੰ ਸਜਾ ਦੇਣ ਦਾ ਪ੍ਰਬੰਧ ਹੁੰਦਾ ਤਾਂ ਪੂਰੀ ਭਾਜਪਾ ਨੂੰ ਫਾਂਸੀ ਦੀ ਸਜਾ ਹੋ ਸਕਦੀ ਸੀ।
ਇਕ ਹੋਰ ਟਵੀਟ ਰਾਹੀਂ ਮੁੱਖ ਮੰਤਰੀ ਨੇ ਕਿਹਾ ਦੇਸ਼ ਨੂੰ 30-31 ਰਾਜਪਾਲ ਅਤੇ ਇੱਕ ਪੑਧਾਨ ਮੰਤਰੀ ਚਲਾ ਲੈਣ ..ਵੋਟਾਂ ਪਵਾਉਣ ਉੱਤੇ ਕਰੋੜਾਂ ਅਰਬਾਂ ਖ਼ਰਚਣ ਦਾ ਕੀ ਫ਼ਾਇਦਾ ???
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਦਿੱਲੀ ਸਰਕਾਰ ਦੀਆਂ ਸ਼ਕਤੀਆਂ ਨੂੰ ਲੈ ਕੇ ਆਰਡੀਨੈਂਸ ਜਾਰੀ ਕੀਤਾ ਹੈ। ਆਰਡੀਨੈਂਸ ਮੁਤਾਬਕ ਦਿੱਲੀ ‘ਚ ਅਧਿਕਾਰੀਆਂ ਦੇ ਤਬਾਦਲੇ ‘ਤੇ ਅੰਤਿਮ ਫੈਸਲਾ ਉਪ ਰਾਜਪਾਲ ਦਾ ਹੀ ਹੋਵੇਗਾ। ਮੁੱਖ ਮੰਤਰੀ ਦਾ ਇਸ ਵਿੱਚ ਕੋਈ ਅਧਿਕਾਰ ਨਹੀਂ ਹੋਵੇਗਾ। ਕੇਂਦਰ ਸਰਕਾਰ ਨੇ ਇਹ ਫੈਸਲਾ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਲਿਆ ਹੈ। ਦਰਅਸਲ, ਸੁਪਰੀਮ ਕੋਰਟ ਨੇ 11 ਮਈ ਨੂੰ ਹੁਕਮ ਦਿੱਤਾ ਸੀ ਕਿ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਦਿੱਲੀ ਸਰਕਾਰ ਕੋਲ ਰਹੇਗਾ। ਹੁਣ ਕੇਂਦਰ ਨੇ ਆਰਡੀਨੈਂਸ ਰਾਹੀਂ ਅਦਾਲਤ ਦੇ ਫੈਸਲੇ ਨੂੰ ਪਲਟ ਦਿੱਤਾ ਹੈ। ਹੁਣ 6 ਮਹੀਨਿਆਂ ਦੇ ਅੰਦਰ ਸੰਸਦ ‘ਚ ਇਸ ਨਾਲ ਜੁੜਿਆ ਕਾਨੂੰਨ ਵੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਇਸ ਮਾਮਲੇ ‘ਚ ‘ਆਪ’ ਨੇ ਕਿਹਾ ਕਿ ਕੇਂਦਰ ਦਾ ਇਹ ਆਰਡੀਨੈਂਸ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ ਤੇ ਤਾਨਾਸ਼ਾਹੀ ਹੈ। ਇਹ ਆਰਡੀਨੈਂਸ ਕੇਜਰੀਵਾਲ ਸਰਕਾਰ ਦੀ ਤਾਕਤ ਨੂੰ ਘੱਟ ਕਰਨ ਲਈ ਲਿਆਂਦਾ ਗਿਆ ਹੈ।

