ਬਿਊਰੋ, ਪ੍ਰਾਈਮ ਪੋਸਟ ਪੰਜਾਬ
ਆਸਟ੍ਰੇਲੀਆ ਦੀਆਂ ਦੋ ਯੂਨੀਵਰਸਿਟੀਆਂ ਨੇ ਪੰਜਾਬ, ਹਰਿਆਣਾ ਸਮੇਤ ਛੇ ਰਾਜਾਂ ਦੇ ਵਿਦਿਆਰਥੀਆਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾਉਣ ਦੇ ਮਾਮਲੇ ‘ਚ ਯੂ-ਟਰਨ ਲੈ ਲਿਆ ਹੈ। ਹੁਣ ਉਨ੍ਹਾਂ ਵਿਦਿਆਰਥੀਆਂ ਲਈ ਆਸ ਦੀ ਕਿਰਨ ਦਿਖਾਈ ਦੇ ਰਹੀ ਹੈ ਜੋ ਆਸਟ੍ਰੇਲੀਆ ਦੀ ਯੂਨੀਵਰਸਿਟੀ ਵਿਚ ਦਾਖਲਾ ਲੈਣ ਦੀ ਤਿਆਰੀ ਕਰ ਰਹੇ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਸਟ੍ਰੇਲੀਆ ਦੌਰੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚ ਸਕਾਰਾਤਮਕ ਮਾਹੌਲ ਬਣਨਾ ਸ਼ੁਰੂ ਹੋ ਗਿਆ ਹੈ। ਇਹੀ ਕਾਰਨ ਹੈ ਕਿ ਜਿਨ੍ਹਾਂ 7 ਯੂਨੀਵਰਸਿਟੀਆਂ ਨੇ ਦਾਖਲੇ ਤੇ ਪਾਬੰਦੀ ਲਗਾਈ ਗਈ ਸੀ, ਉਨ੍ਹਾਂ ‘ਚੋਂ ਇਕ ਨੇ ਦਾਖਲਾ ਸ਼ੁਰੂ ਕਰ ਦਿੱਤਾ ਹੈ ਅਤੇ ਦੂਜੀ ਯੂਨੀਵਰਸਿਟੀ ਨੇ 1 ਜੂਨ ਤੋਂ ਦਾਖਲੇ ਲਈ ਆਪਣੇ ਅਧਿਕਾਰਤ ਏਜੰਟਾਂ ਨੂੰ ਸੂਚਿਤ ਕਰ ਦਿੱਤਾ ਹੈ। ਇਸ ਕਾਰਨ ਵਿਦੇਸ਼ੀ ਪੜ੍ਹਾਈ ਸਿੱਖਿਆ ਖੇਤਰ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦੇਣ ਲੱਗੀ ਹੈ।
ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀਆਂ ‘ਤੇ ਪਾਬੰਦੀ ਲਗਾਉਣ ਦਾ ਮਾਮਲਾ ਭਖ ਗਿਆ ਸੀ, ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੌਰੇ ਤੋਂ ਬਾਅਦ ਬੁੱਧਵਾਰ ਨੂੰ ਹੀ ਆਸਟ੍ਰੇਲੀਆ ਤੋਂ ਪਰਤੇ ਸਨ। ਸਿਡਨੀ ਵਿੱਚ 20,000 ਲੋਕਾਂ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਸੀ ਕਿ ਵਿਦਿਆਰਥੀ ਦੋਵਾਂ ਦੇਸ਼ਾਂ ਨੂੰ ਨੇੜੇ ਲਿਆ ਰਹੇ ਹਨ।
ਉਨ੍ਹਾਂ ਇਹ ਵੀ ਦੱਸਿਆ ਸੀ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਇਕ-ਦੂਜੇ ਦੀਆਂ ਸਿੱਖਿਆ ਡਿਗਰੀਆਂ ਨੂੰ ਮਾਨਤਾ ਦੇਣ ਨੂੰ ਲੈ ਕੇ ਗੱਲਬਾਤ ਅੱਗੇ ਵਧੀ ਹੈ ਪਰ ਆਸਟ੍ਰੇਲੀਆ ਦੀਆਂ ਦੋ ਯੂਨੀਵਰਸਿਟੀਆਂ ਨੇ ਇਸ ‘ਤੇ ਹੋਰ ਪਾਬੰਦੀ ਲਗਾ ਦਿੱਤੀ ਸੀ, ਜਿਸ ਕਾਰਨ ਸਿੱਖਿਆ ਉਦਯੋਗ ਤੋਂ ਇਲਾਵਾ ਵਿਦੇਸ਼ੀਆਂ ਦੇ ਆਸਟ੍ਰੇਲੀਆ ਜਾਣ ਦੀ ਤਿਆਰੀ ‘ਤੇ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਸੀ l