ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ’ਤੇ ਪ੍ਰਤੀ ਏਕੜ 1500 ਰੁਪਏ ਪ੍ਰੋਤਸ਼ਾਹਨ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ
ਸਿੱਧੀ ਬਿਜਾਈ ਦਾ ਲਾਭ ਲੈਣ ਲਈ 25 ਜੂਨ 2023 ਤੱਕ ਰਜਿਸਟੇ੍ਸ਼ਨ ਕਰਵਾਉਣ ਕਿਸਾਨ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 2 ਜੂਨ 2023 : ਡਿਪਟੀ ਕਮਿਸ਼ਨਰ ਸ੍ਰੀ ਟੀ. ਬੈਨਿਥ ਨੇ ਕਿਸਾਨਾਂ ਨੂੰ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸਿੱਧੀ ਬਿਜਾਈ ਕਰਕੇ ਪ੍ਰੋਤਸਾਹਨ ਰਾਸ਼ੀ ਲੈਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਪੋਰਟਲ ’ਤੇ 25 ਜੂਨ 2023 ਤੱਕ ਆਪਣੀ ਰਜਿਸਟੇ੍ਰਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਰੇਕ ਬਲਾਕ ਪੱਧਰ ’ਤੇ ਰਜਿਸਟੇ੍ਰਸ਼ਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਸਿੱਧੀ ਬਿਜਾਈ ਕਰਨ ਵਾਲਾ ਕੋਈ ਵੀ ਕਿਸਾਨ ਪ੍ਰਤੀ ਏਕੜ 1500 ਰੁਪਏ ਦੀ ਰਾਸ਼ੀ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤੋਂ 1500 ਰੁਪਏ ਦਾ ਲਾਭ ਲੈਣ ਲਈ agrimachinerypb.com ’ਤੇ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਹੈ। ਪੋਰਟਲ ’ਤੇ ਆਨਲਾਈਨ ਰਜਿਸਟਰੇਸ਼ਨ 25 ਜੂਨ, 2023 ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮੇਂ ਵਿਚ ਪੱਕਣ ਅਤੇ ਚੰਗੀ ਪੈਦਾਵਾਰ ਦੇਣ ਵਾਲੀਆਂ ਕਿਸਮਾਂ ਬੀਜਣ ਲਈ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਸਤਪਾਲ ਸਿੰਘ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਸੰਭਾਲਣ ਲਈ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਦ ਦੇ ਮੰਤਵ ਨੂੰ ਪੂਰਾ ਕਰਨ ਲਈ ਸਮੂਹ ਬਲਾਕਾਂ ਵਿਚ ਬਲਾਕ ਅਤੇ ਪਿੰਡ ਪੱਧਰ ’ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ।

