ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 6 ਜੂਨ 2023 : ਜ਼ਿਲਾ ਮੈਜਿਸਟ੍ਰੇਟ ਸ਼੍ਰੀ ਟੀ. ਬੈਨਿਥ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨਾਂ ਕਿਹਾ ਕਿ ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ।
ਉਨਾਂ ਹੁਕਮ ਵਿੱਚ ਕਿਹਾ ਕਿ ਅੱਜ ਕੱਲ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਇਸਤੇਮਾਲ ਹੋ ਰਹੀ ਹੈ। ਉਨਾਂ ਕਿਹਾ ਕਿ ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਉਨਾਂ ਕਿਹਾ ਕਿ ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉੱਡਦੇ ਪੰਛੀਆਂ ਦੇ ਫਸ ਜਾਣ ’ਤੇ ਉਨਾਂ ਦੇ ਮਰਨ/ਜ਼ਖ਼ਮੀ ਹੋਣ ਬਾਰੇ ਵੀ ਘਟਨਾਵਾਂ ਵਾਪਰ ਸਕਦੀਆਂ ਹਨ।
ਉਨਾਂ ਕਿਹਾ ਕਿ ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨਾਂ ਦੇ ਰੁੱਖਾਂ ’ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ। ਉਨਾਂ ਦੱਸਿਆ ਕਿ ਇਸ ਤਰਾਂ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜੇ ਦਾ ਇਸਤੇਮਾਲ ਕਰਨ ਨਾਲ ਇਹ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨਾਂ ਤੱਥਾਂ ਨੂੰ ਮੁੱਖ ਰੱਖਦਿਆਂ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਦੀ ’ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ। ਇਹ ਹੁਕਮ 31 ਜੁਲਾਈ 2023 ਤੱਕ ਲਾਗੂ ਰਹੇਗਾ।

