ਬਿਊਰੋ, ਪ੍ਰਾਈਮ ਪੋਸਟ ਪੰਜਾਬ
ਵਿਜੀਲੈਂਸ ਵਿਭਾਗ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਤੋਂ ਪੁੱਛਗਿੱਛ ਕਰੇਗਾ। ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਨੇ ਚੰਨੀ ਨੂੰ 13 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਵਿਜੀਲੈਂਸ ਵਿਭਾਗ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਚੰਨੀ ਨੂੰ ਆਪਣੇ ਸਾਰੇ ਵਾਧੂ ਕਾਗਜ਼ ਲਿਆਉਣ ਲਈ ਕਿਹਾ ਗਿਆ ਹੈ। ਗੌਰਤਲਬ ਹੈ ਕਿ ਵਿਜੀਲੈਂਸ ਇਸ ਮਾਮਲੇ ਵਿੱਚ ਚੰਨੀ ਤੋਂ ਪਹਿਲਾਂ ਵੀ ਇੱਕ ਵਾਰ ਪੁੱਛਗਿੱਛ ਕਰ ਚੁੱਕੀ ਹੈ।
ਇਸ ਤੋਂ ਪਹਿਲਾਂ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਵੀ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਏ ਜਾਣ ’ਤੇ ਉਸ ਦੇ ਕਤਲ ਦਾ ਖ਼ਦਸ਼ਾ ਪ੍ਰਗਟਾਇਆ ਸੀ। ਪ੍ਰੈੱਸ ਕਾਨਫਰੰਸ ‘ਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ, ਇੱਥੋਂ ਤੱਕ ਕਿ ਉਨ੍ਹਾਂ ਨੂੰ ਮਾਰਿਆ ਵੀ ਜਾ ਸਕਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ। ਹਾਲਾਂਕਿ ਚੰਨੀ ਨੇ ਵਿਜੀਲੈਂਸ ਜਾਂਚ ਦਾ ਸਾਹਮਣਾ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਲਿਤ ਭਾਈਚਾਰੇ ਦੀਆਂ ਉਮੀਦਾਂ ‘ਤੇ ਖਰਾ ਉਤਰਨ ‘ਚ ਨਾਕਾਮ ਰਹੀ ਹੈ।

