ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਵਿੱਚ ਅੱਜ ਰੋਡਵੇਜ਼ ਜਾਮ ਹੈ। ਪੰਜਾਬ ਦੀਆਂ ਤਿੰਨ ਹਜ਼ਾਰ ਸਰਕਾਰੀ ਬੱਸਾਂ ਅੱਜ ਸੜਕਾਂ ‘ਤੇ ਨਹੀਂ ਚੱਲਣਗੀਆਂ। ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਅਤੇ ਘੱਟ ਤਨਖਾਹਾਂ ਵਰਗੇ ਕਈ ਮੁੱਦਿਆਂ ਨੂੰ ਲੈ ਕੇ ਮੁਲਾਜ਼ਮਾਂ ਨੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਬਠਿੰਡਾ ’ਚ ਮੁਲਾਜ਼ਮਾਂ ਨੇ ਬੱਸ ਸਟੈਂਡ ’ਤੇ ਨਾਅਰੇਬਾਜ਼ੀ ਕਰਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ।
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਐਸ ਕੰਟਰੈਕਟ ਇੰਪਲਾਈਜ਼ ਯੂਨੀਅਨ ਪੰਜਾਬ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਬੱਸਾਂ ਦੇ ਪਹੀਏ ਜਾਮ ਕਰਨ ਦਾ ਐਲਾਨ ਕੀਤਾ ਸੀ। ਦੂਜੇ ਪਾਸੇ 28 ਜੂਨ ਨੂੰ ਸੀਐਮ ਮਾਨ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ।
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਯੂਨੀਅਨ ਦੀ ਮੀਟਿੰਗ ਵਿੱਚ ਕਿਹਾ ਗਿਆ ਕਿ 27 ਜੂਨ ਨੂੰ ਪਨਬੱਸ ਦੇ ਸਾਰੇ ਡਿਪੂਆਂ ਅੱਗੇ ਗੇਟ ਰੈਲੀਆਂ ਵੀ ਕੀਤੀਆਂ ਜਾਣਗੀਆਂ। ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਜਲੰਧਰ ਜ਼ਿਮਨੀ ਚੋਣ ਦੌਰਾਨ ਯੂਨੀਅਨ ਨਾਲ ਮੀਟਿੰਗ ਦੌਰਾਨ ਵਾਅਦਾ ਕੀਤਾ ਸੀ ਕਿ ਇਕ ਮਹੀਨੇ ਦੇ ਅੰਦਰ-ਅੰਦਰ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ, ਪਰ ਮਾਨ ਨੇ ਅਜਿਹਾ ਨਹੀਂ ਕੀਤਾ।
ਇਸ ਤੋਂ ਪਹਿਲਾਂ ਹੋਈ ਯੂਨੀਅਨ ਦੀ ਮੀਟਿੰਗ ਵਿੱਚ ਯੂਨੀਅਨ ਦੇ ਹਾਜ਼ਰ ਮੈਂਬਰਾਂ ਨੇ ਕਿਲੋਮੀਟਰ ਸਕੀਮ ਤਹਿਤ ਕੀਤੇ ਬੱਸਾਂ ਦੇ ਟੈਂਡਰ ਰੱਦ ਕਰਨ ’ਤੇ ਜ਼ੋਰ ਦਿੱਤਾ। ਭਾਵੇਂ ਪੰਜਾਬ ਰੋਡਵੇਜ਼ ਮੈਨੇਜਮੈਂਟ ਵੱਲੋਂ ਕਿਲੋਮੀਟਰ ਸਕੀਮ ਨੂੰ ਲਾਹੇਵੰਦ ਦੱਸਿਆ ਜਾ ਰਿਹਾ ਹੈ ਪਰ ਯੂਨੀਅਨ ਮੈਂਬਰ ਇਸ ਨੂੰ ਘਾਟੇ ਦਾ ਸੌਦਾ ਕਰਾਰ ਦੇ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਪੰਜਾਬ ਰੋਡਵੇਜ਼ ਅਤੇ ਯੂਨੀਅਨ ਵਿਚਾਲੇ ਪਿਛਲੇ ਕੁਝ ਸਮੇਂ ਤੋਂ ਤਕਰਾਰ ਚੱਲ ਰਹੀ ਹੈ। ਪਰ ਰੋਡਵੇਜ਼ ਮੈਨੇਜਮੈਂਟ ਕਿਲੋਮੀਟਰ ਸਕੀਮ ਤਹਿਤ ਰੱਖੇ ਬੱਸਾਂ ਦੇ ਟੈਂਡਰ ਰੱਦ ਕਰਨ ਲਈ ਰਾਜ਼ੀ ਨਹੀਂ ਜਾਪਦੀ। ਯੂਨੀਅਨ ਨਹੀਂ ਚਾਹੁੰਦੀ ਕਿ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਮਾਲਕ ਨੂੰ ਲਾਭ ਮਿਲੇ। ਰੋਡਵੇਜ਼ ਚੇਅਰਮੈਨ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਨਵੀਂ ਨੀਤੀ ਬਣਾ ਰਹੀ ਹੈ।
ਯੂਨੀਅਨ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਅਜੇ ਤੱਕ ਪੰਜਾਬ ਸਰਕਾਰ ਨੇ ਕਿਸੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ। ਜਦੋਂ ਯੂਨੀਅਨ ਨੇ 5 ਫੀਸਦੀ ਵਾਧੇ ਦੀ ਮੰਗ ਬਾਰੇ ਪੁੱਛਿਆ ਤਾਂ ਮੈਨੇਜਮੈਂਟ ਨੇ ਇਸ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਪੰਜਾਬ ਰੋਡਵੇਜ਼ ਮੈਨੇਜਮੈਂਟ ਮੁਲਾਜ਼ਮਾਂ ਨੂੰ ਕੁਝ ਨਹੀਂ ਦੇਣਾ ਚਾਹੁੰਦੀ। ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ ਵੀ ਚਰਚਾ ਹੋਈ ਪਰ ਮੈਨੇਜਮੈਂਟ ਵੱਲੋਂ ਹਾਜ਼ਰ ਮੈਂਬਰਾਂ ਨੇ ਇੱਕ ਵੀ ਮੰਗ ਨੂੰ ਗੰਭੀਰਤਾ ਨਾਲ ਨਹੀਂ ਸੁਣਿਆ।

