ਸੰਜੀਵ ਜਿੰਦਲ
ਮਾਨਸਾ, 28 ਜੂਨ 2023 : ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਮਾਨਸਾ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਿਵਲ ਸਰਜਨ ਮਾਨਸਾ ਨੂੰ ਮੰਗ ਪੱਤਰ ਦਿੱਤਾ।
ਉਨ੍ਹਾਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਿਛਲੇ ਦਿਨੀਂ ਮਲਟੀਪਰਪਜ ਕੇਡਰ ਦੇ ਕੁਝ ਸਾਥੀਆਂ ਦੀਆਂ ਬਦਲੀਆਂ ਬਿਨਾਂ ਉਨ੍ਹਾਂ ਦੇ ਕਿਸੇ ਬੇਨਤੀ ਪੱਤਰ ਦਿੱਤੇ ਧੱਕੇ ਨਾਲ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਟੇਟ ਕਮੇਟੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਹ ਬਦਲੀਆਂ 30 ਜੂਨ ਤੱਕ ਰੱਦ ਨਾ ਕੀਤੀਆਂ ਗਈਆਂ ਤਾਂ 6 ਜੁਲਾਈ ਨੂੰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦਫ਼ਤਰ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਸਾਰੇ ਜ਼ਿਲ੍ਹਿਆਂ ਵਿੱਚੋਂ ਸਿਵਲ ਸਰਜਨਾਂ ਰਾਹੀਂ ਮੰਗ ਪੱਤਰ ਭੇਜੇ ਜਾ ਰਹੇ ਹਨ। ਇਨ੍ਹਾਂ ਮੰਗ ਪੱਤਰਾਂ ਵਿੱਚ ਨਜਾਇਜ਼ ਹੋਈਆਂ ਬਦਲੀਆਂ ਰੱਦ ਕਰਵਾਉਣ, ਮਲਟੀਪਰਪਜ ਕੇਡਰ ਦਾ ਨਾਮ ਬਦਲਣ, ਕੱਟੇ ਭੱਤਿਆਂ ਨੂੰ ਬਹਾਲ ਕਰਵਾਉਣ, ਨਵੇਂ ਭਰਤੀ ਸਾਥੀਆਂ ਤੇ ਸੈਂਟਰ ਸਕੇਲ ਦੀ ਥਾਂ ਪੰਜਾਬ ਸਕੇਲ ਲਾਗੂ ਕਰਵਾਉਣ , ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ ਆਦਿ ਸਬੰਧੀ ਮੰਗਾਂ ਸ਼ਾਮਲ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ, ਹਰਪ੍ਰੀਤ ਸਿੰਘ, ਮਨੋਜ ਕੁਮਾਰ, ਨਿਰਮਲ ਸਿੰਘ, ਇਕਬਾਲ ਸਿੰਘ, ਸੁਖਵਿੰਦਰ ਸਿੰਘ, ਰਵਿੰਦਰ ਕੁਮਾਰ , ਬਲਜੀਤ ਸਿੰਘ ਆਦਿ ਹਾਜ਼ਰ ਸਨ।

