ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਪਰਮਵੀਰ ਸਿੰਘ
ਸੰਜੀਵ ਜਿੰਦਲ
ਮਾਨਸਾ, 11 ਅਗਸਤ 2023 :ਪਰਮਵੀਰ ਸਿੰਘ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ 2015 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਪਹੁੰਚਣ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਵਿੰਦਰ ਸਿੰਘ, ਐੱਸ.ਡੀ. ਐੱਮ. ਮਾਨਸਾ/ਬੁਢਲਾਡਾ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਐਸ.ਪੀ. ਜਸਕੀਰਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਰਾਜ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਸੁਖਰਾਜ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਵੀ ਲਈ।
ਇਸ ਉਪਰੰਤ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

