ਕਿਹਾ, ਕਿਸੇ ਪਾਰਟੀ ਦਾ ਨਹੀਂ ਪਿੰਡ ਦਾ ਸਰਪੰਚ ਚੁਣੋ
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪਟਿਆਲਾ, 15 ਅਗਸਤ 2023 : ਪਟਿਆਲਾ ਵਿਖੇ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਦੌਰਾਨ ਐਲਾਨ ਕੀਤਾ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਸਰਪੰਚ ਚੁਣਨਗੇ ਉਨ੍ਹਾਂ ਪਿੰਡਾਂ ਨੂੰ 5-5 ਲੱਖ ਰੁਪਏ ਦਿੱਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਗਲੇ ਦਿਨਾਂ ਵਿਚ ਪੰਚਾਇਤੀ ਚੋਣਾਂ ਆ ਰਹੀਆਂ ਹਨ। ਇਨ੍ਹਾਂ ਚੋਣਾਂ ਵਿੱਚ ਤੁਸੀਂ ਕਿਸੇ ਪਾਰਟੀ ਦਾ ਸਰਪੰਚ ਨਹੀਂ ਚੁਣਨਾ, ਪਿੰਡ ਦਾ ਸਰਪੰਚ ਚੁਣਨਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵਿੱਚ ਸਰਬਸੰਮਤੀ ਕਰਕੇ ਸਰਪੰਚ ਦੀ ਚੋਣ ਕੀਤੀ ਜਾਵੇਗੀ ਉਨ੍ਹਾਂ ਨੂੰ 5 ਲੱਖ ਰੁਪਏ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਲੋਕ ਅਜਿਹੇ ਹੁੰਦੇ ਹਨ ਜਿਹੜੇ ਲੱਖਾਂ ਰੁਪਏ ਖਰਚ ਕਰਕੇ ਸਰਪੰਚ ਬਣਨ ਜਾਂਦੇ ਹਨ, ਤੇ ਬਾਅਦ ਵਿੱਚ ਪਿੰਡ ਦੇ ਵਿਕਾਸ ਲਈ ਆਏ ਪੈਸੇ ਵਿਚੋਂ ਆਪਣੇ ਪੈਸੇ ਕੱਢਦੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਭੁੱਲ ਜਾਣ ਜਿਹੜਾ ਵੀ ਪੈਸਾ ਪਿੰਡ ਦੇ ਵਿਕਾਸ ਲਈ ਆਵੇਗਾ ਉਸਦੇ ਪੈਸੇ ਪੈਸੇ ਦਾ ਹਿਸਾਬ ਲਿਆ ਜਾਵੇਗਾ, ਕਿਸੇ ਨੂੰ ਵੀ ਖਾਣ ਨਹੀਂ ਦਿੱਤਾ ਜਾਵੇਗਾ।











