ਬਿਊਰੋ, ਪ੍ਰਾਈਮ ਪੋਸਟ ਪੰਜਾਬ
ਭਾਰਤੀ ਸੁਰੱਖਿਆ ਬਲਾਂ ਵੱਲੋਂ ਇੱਕ ਵੱਡੀ ਅੱਤਵਾਦੀ ਘਟਨਾ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ ‘ਤੇ IED ਬਰਾਮਦ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਅਜਿਹੀ ਸੂਚਨਾ ਮਿਲੀ ਸੀ ਕਿ ਇਸ ਇਲਾਕੇ ‘ਚ ਅੱਤਵਾਦੀਆਂ ਵੱਲੋਂ ਆਈਈਡੀ ਪਲਾਂਟ ਕੀਤਾ ਗਿਆ ਹੈ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਬੰਬ ਨਿਰੋਧਕ ਦਸਤੇ ਨਾਲ ਮਿਲ ਕੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਸ ਦੌਰਾਨ ਇੱਕ ਆਈਈਡੀ ਮਿਲਿਆ ਜਿਸ ਨੂੰ ਨਕਾਰਾ ਕਰ ਦਿੱਤਾ ਗਿਆ।
ਦੱਸ ਦਈਏ ਕਿ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਸੁਰੱਖਿਆ ਬਲਾਂ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਫਿਲਹਾਲ ਹਾਈ ਅਲਰਟ ‘ਤੇ ਰੱਖਿਆ ਹੋਇਆ ਹੈ। ਸੁਰੱਖਿਆ ਬਲਾਂ ਨੂੰ ਲਗਾਤਾਰ ਅਜਿਹੇ ਇਨਪੁਟ ਮਿਲ ਰਹੇ ਸਨ ਕਿ ਯਾਤਰਾ ਦੌਰਾਨ ਅੱਤਵਾਦੀਆਂ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਕਰਕੇ ਅਮਰਨਾਥ ਯਾਤਰਾ ਦੇ ਰੂਟ ‘ਤੇ ਦਿਨ-ਰਾਤ 24 ਘੰਟੇ ਚੌਕਸੀ ਵਧਾ ਦਿੱਤੀ ਗਈ ਸੀ। ਇਸੇ ਚੌਕਸੀ ਸਦਕਾ ਅੱਜ ਸੁਰੱਖਿਆ ਬਲਾਂ ਵੱਲੋਂ ਵੱਡੀ ਅੱਤਵਾਦੀ ਘਟਨਾ ਨੂੰ ਨਾਕਾਮ ਕਰ ਦਿੱਤਾ ਗਿਆ ਹੈ।