ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਸਕੂਲਾਂ ਵਿੱਚ ਭਾਸ਼ਣ
ਅਤੇ ਪੇਂਟਿੰਗ ਮੁਕਾਬਲੇ ਕਰਵਾਏ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ)
ਮਾਨਸਾ, 6 ਅਕਤੂਬਰ 2023 :ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਮਾਨਸਾ ਦੇ ਵੱਖ—ਵੱਖ ਪਿੰਡਾਂ ਵਿੱਚ ਅਧਿਕਾਰੀਆਂ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ।
ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਬਲਾਕ ਭੀਖੀ ਦੇ ਪਿੰਡ ਜੋਗਾ ਵਿਖੇ ਲਗਾਏ ਗਏ ਕਿਸਾਨ ਸਿਖਲਾਈ ਕੈਂਪ ਦੌਰਾਨ ਡਾ. ਅਮਨਦੀਪ ਸਿੰਘ ਚਹਿਲ, ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ/ਸੰਦਾ ’ਤੇ ਮਿਲਣ ਵਾਲੀ ਸਬਸਿਡੀ ਬਾਬਤ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਡਾ. ਜਰਮਨਜੋਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਹੋਣ ਵਾਲੇ ਨੁਕਸਾਨ ਅਤੇ ਬਿਨ੍ਹਾਂ ਅੱਗ ਲਗਾਏ ਮਸ਼ੀਨਰੀ ਨਾਲ ਪਰਾਲੀ ਦਾ ਪ੍ਰਬੰਧਨ ਕਰਕੇ ਬਿਜਾਈ ਕਰਨ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਨਰਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਮਨੁੱਖੀ ਸਿਹਤ ਦੇ ਨਾਲ—ਨਾਲ ਹਵਾ, ਪਾਣੀ, ਮਿੱਟੀ, ਪਸ਼ੂ ਪੰਛੀਆਂ, ਜਾਨਵਰਾਂ ਦੀ ਸਿਹਤ ’ਤੇ ਹੋਣ ਵਾਲੇ ਮਾਰੂ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਬਲਾਕ ਝੁਨੀਰ ਦੇ ਪਿੰਡ ਉਲਕ, ਬਲਾਕ ਸਰਦੂਲਗੜ੍ਹ ਦੇ ਪਿੰਡ ਕਰੰਡੀ, ਖੈਰਾ ਕਲਾਂ ਅਤੇ ਸਰਦੂਲਗੜ੍ਹ ਵਿਖੇ ਇਸੇ ਤਰ੍ਹਾਂ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਤੋਂ ਇਲਾਵਾ ਸੀ.ਆਰ. ਸਕੀਮ ਅਧੀਨ ਬਲਾਕ ਬੁਢਲਾਡਾ ਦੇ ਪਿੰਡ ਧਰਮਪੁਰਾ ਵਿਖੇ ਸਕੂਲ ਵਿੱਚ ਬੱਚਿਆਂ ਦੇ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਅਤੇ ਪਰਾਲੀ ਨਾ ਸਾੜ ਕੇ ਖੇਤ ਵਿੱਚ ਮਿਲਾਉਣ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਬੱਚੇ ਆਪਣੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਸਾਨ ਸਿਖਲਾਈ ਕੈਂਪਾਂ ਵਿੱਚ ਲਗਭਗ 150 ਕਿਸਾਨਾਂ ਵੱਲੋਂ ਭਾਗ ਲਿਆ ਗਿਆ।
ਇਸ ਮੌਕੇ ਡਾ. ਗੁਰਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਬਲਾਕ ਸਰਦੂਲਗੜ੍ਹ, ਡਾ. ਅਮਨ ਸੁਲੇਖ ਕੁਮਾਰ ਮਹਿਲਾਂ, ਖੇਤੀਬਾੜੀ ਵਿਕਾਸ ਅਫਸਰ, ਸਰਦੂਲਗੜ੍ਹ, ਡਾ. ਸਿਕੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਬੁਢਲਾਡਾ, ਡਾ. ਗੁਰਵੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਬਲਾਕ ਬੁਢਲਾਡਾ, ਮਨਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਬਲਾਕ ਝੁਨੀਰ, ਕਮਲਪ੍ਰੀਤ ਸਿੰਘ, ਏ.ਟੀ.ਐਮ. ਮੌਜੂਦ ਸਨ।

