ਬਿਊਰੋ ਪ੍ਰਾਈਮ ਪੋਸਟ ਪੰਜਾਬ
ਬੇਗੋਵਾਲ, 7 ਅਕਤੂਬਰ 2023 :ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਵੀ ਵਿਜੀਲੈਂਸ ਦੇ ਨਿਸ਼ਾਨੇ ‘ਤੇ ਆ ਗਈ ਹੈ। ਵਿਜੀਲੈਂਸ ਟੀਮ ਨੇ ਬੀਬੀ ਜਗੀਰ ਕੌਰ ਦੇ ਬੇਗੋਵਾਲ ਸਥਿਤ ਡੇਰੇ ‘ਤੇ ਛਾਪਾ ਮਾਰ ਕੇ ਦੋ ਘੰਟੇ ਤੱਕ ਜਾਂਚ ਕੀਤੀ ਅਤੇ ਨਗਰ ਪੰਚਾਇਤ ਦੀ ਜ਼ਮੀਨ ਕਬਜਾਉਣ ਦੇ ਮਾਮਲੇ ‘ਚ ਬੀਬੀ ਤੋਂ ਪੁੱਛਗਿੱਛ ਵੀ ਕੀਤੀ |
ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੇ ਛਾਪੇਮਾਰੀ ਦੀ ਗੱਲ ਸਵੀਕਾਰ ਕੀਤੀ ਹੈ।
ਬੀਬੀ ਜਗੀਰ ਕੌਰ ਸੰਤ ਪ੍ਰੇਮ ਸਿੰਘ ਮੁਰਾਲੇ ਡੇਰੇ ਦੀ ਮੁੱਖ ਸੇਵਾਦਾਰ ਵੀ ਹੈ ਅਤੇ ਤਿੰਨ ਮਹੀਨੇ ਪਹਿਲਾਂ ਅਕਾਲੀ ਦਲ ਤੋਂ ਵੱਖ ਹੋ ਕੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਵੱਖਰੇ ਸੁਰ ਅਲਾਪੇ ਸੀ।ਬੀਬੀ ਜਗੀਰ ਕੌਰ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ’ਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਦੋਸ਼ ਲਾਇਆ ਗਿਆ ਹੈ।ਸੂਤਰਾਂ ਅਨੁਸਾਰ ਟੀਮ ਨੇ ਬੀਬੀ ਦੇ ਡੇਰੇ ਤੋਂ ਲੈਪਟਾਪ, ਫ਼ੋਨ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰ ਲਏ ਹਨ।

