ਸੰਜੀਵ ਜਿੰਦਲ ( Prime Post Punjab)
ਮਾਨਸਾ, 8 ਅਕਤੂਬਰ 2023 : ਜ਼ਿਲਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯਤਰਾਂ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।
ਉਨਾਂ ਕਿਹਾ ਕਿ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ, ਆਮ ਪਬਲਿਕ ਵੱਲੋਂ ਸਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰ, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਣਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜਾਈ ਵੀ ਪ੍ਰਭਾਵਿਤ ਹੁੰਦੀ ਹੈ। ਉਨਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਅਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ।
ਹੁਕਮ ਵਿੱਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਜਾਂ ਆਮ ਪਬਲਿਕ ਤੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪ੍ਰਵਾਨਗੀ ਲਵੇਗਾ, ਪ੍ਰੰਤੂ ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰਾਂ ਆਮ ਪਬਲਿਕ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗਾ। ਇਸ ਲਈ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹੇਗਾ।

