ਸੰਜੀਵ ਜਿੰਦਲ ( Prime Post Punjab)
ਮਾਨਸਾ, 9 ਅਕਤੂਬਰ 2023 : ਜ਼ਿਲਾ ਭਾਸਾ ਅਫ਼ਸਰ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸਾ ਨੂੰ ਪ੍ਰਫੁੱਲਤ ਕਰਨ ਹਿੱਤ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਪੱਤਰ ਰਾਹੀਂ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫਤਰਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਪਬਲਿਕ, ਪ੍ਰਾਈਵੇਟ ਦੁਕਾਨਾਂ, ਵਪਾਰਿਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ ਸਾਈਨ ਬੋਰਡ, ਮੀਲ ਪੱਥਰ, ਨਾਮ ਪੱਟੀਆਂ ਅਤੇ ਬੋਰਡ ਮਿਤੀ 21 ਫਰਵਰੀ 2023 ਤੱਕ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਨਵੇਂ ਜਾਰੀ ਪੱਤਰ ਰਾਹੀਂ ਹੁਣ ਉਕਤ ਦਰਜ ਕਾਰਜ ਮੁਕੰਮਲ ਕਰਨ ਲਈ 21 ਨਵੰਬਰ 2023 ਤੱਕ ਦਾ ਸਮਾਂ ਦਿੱਤਾ ਗਿਆ ਹੈ। ਵਿਭਾਗ ਦੇ ਖੋਜ ਅਫਸਰ ਕਵੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜਿੰਨਾ ਨੇ ਉਕਤ ਅਨੁਸਾਰ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਨਹੀਂ ਕਰਵਾਏ, ਉਹ ਨਿਰਧਾਰਤ ਮਿਤੀ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਵਾ ਲੈਣ। ਇਸ ਤਰਾਂ ਪੰਜਾਬ ਤੇ ਪੰਜਾਬੀਅਤ ਦੀ ਅਸਲ ਪਛਾਣ ਦਾ ਕਾਇਮ ਰਹਿਣਾ ਜਰੂਰੀ ਹੈ।

