ਸੰਜੀਵ ਜਿੰਦਲ (Prime Post Punjab)
ਮਾਨਸਾ 24 ਨਵੰਬਰ 2023 : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਆਦੇਸ਼ਾਂ ’ਤੇ ਬਾਲ ਮਜ਼ਦੂਰੀ ਨੂੰ ਰੋਕਣ ਅਤੇ ਬੱਚਿਆਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮਾਨਸਾ ਵਿਖੇ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਵੱਖ ਵੱਖ ਵੱਖ ਵਪਾਰਕ ਅਦਾਰਿਆਂ ’ਤੇ ਚੈਕਿੰਗ ਕੀਤੀ ਗਈ।
ਇਹ ਜਾਣਕਾਰੀ ਦਿੰਦਿਆਂ ਲੇਬਰ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਛੋਟੇ ਤੇ ਵੱਡੇ ਵਪਾਰਕ ਅਦਾਰਿਆਂ ਜਿਵੇਂ ਫੈਕਟਰੀਆਂ, ਢਾਬਿਆਂ, ਉਦਯੋਗਾਂ, ਹੋਟਲਾਂ, ਦੁਕਾਨਾਂ, ਭੱਠਿਆਂ, ਉਸਾਰੀ ਸਥਾਨਾਂ ਵਿਖੇ ਬਾਲ ਮਜ਼ਦੂਰੀ ਦੇ ਖਾਤਮੇ ਲਈ ਅਚਨਚੇਤ ਚੈਕਿੰਗ ਕਰਨ ਸਬੰਧੀ ਟੀਮਾਂ ਸਰਗਰਮ ਹਨ। ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਕੋਈ ਵੀ ਵਪਾਰੀ ਜਾਂ ਦੁਕਾਨਦਾਰ ਬਾਲ ਮਜ਼ਦੂਰੀ ਕਰਵਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ’ਦੀ ਚਾਈਲਡ ਐਂਡ ਅਡੋਲਸੈਂਟ ਲੇਬਰ (ਪ੍ਰੋਹੀਬਿਸ਼ਨ ਐਂਡ ਰੈਗੂਲੇਸ਼ਨ) ਐਕਟ 1986’ ਅਤੇ ‘ਜੁਵੇਨਾਈਲ ਜਸਟਿਸ ਐਕਟ 2015’ ਤਹਿਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਤੋਂ ਕਾਊਂਸਲਰ ਰਜਿੰਦਰ ਵਰਮਾ ਨੇ ਦੱਸਿਆ ਕਿ ਚੈਕਿੰਗ ਦੌਰਾਨ ਬਜ਼ਾਰਾਂ ਵਿੱਚ 18 ਸਾਲ ਤੋਂ ਘੱਟ ਉਮਰ ਵਾਲੇ ਕੰਮ ਕਰ ਰਹੇ ਬਾਲ ਅਤੇ ਕਿਸ਼ੋਰ ਬੱਚਿਆਂ ਦੀ ਭਾਲ ਕਰਨ ਲਈ ਚੈਕਿੰਗ ਦੌਰਾਨ ਦੁਕਾਨਦਾਰਾਂ ਕੋਲ ਉਪਲਬਧ ਆਧਾਰ ਕਾਰਡ ਵਾਚਦਿਆਂ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਉਮਰ ਦੀ ਪੜਤਾਲ ਕੀਤੀ ਗਈ। ਇਸ ਤੋਂ ਇਲਾਵਾ ਸ਼ਹਿਰ ਤੋਂ ਬਾਹਰ ਵੱਖ ਵੱਖ ਹੋਟਲਾਂ, ਰੈਸਟੋਰੈਂਟਾਂ ਦੀ ਵੀ ਚੈਕਿੰਗ ਕੀਤੀ ਗਈ।
ਇਸ ਮੌਕੇ ਸਿਹਤ ਵਿਭਾਗ ਤੋਂ ਡਾ. ਹੰਸਾ, ਜ਼ਿਲ੍ਹਾ ਬਾਲ ਸੁਰੱਖਿਆ ਦੇ ਸੋਸ਼ਲ ਵਰਕਰ ਭੂਸ਼ਨ ਲਾਲ, ਪੁਲਿਸ ਵਿਭਾਗ ਤੋਂ ਅਮਨਦੀਪ ਸਿੰਘ, ਹਰਪ੍ਰੀਤ ਕੋਰ, ਗੁਰਵਿੰਦਰ ਸਿੰਘ ਹਾਜ਼ਰ ਸਨ।

