ਬਿਊਰੋ, ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ 4 ਦਸੰਬਰ 2023 : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫ਼ਦ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਮਿਲਣ ਲਈ ਪਹੁੰਚੇਗਾ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ 5 ਦਸੰਬਰ ਤੋਂ ਸ਼ੁਰੂ ਹੋ ਰਹੀ ਭੁੱਖ ਹੜਤਾਲ ਨੂੰ ਰੋਕਣ ਲਈ ਇਹ ਵਫ਼ਦ ਕੋਸ਼ਿਸ਼ ਕਰੇਗਾ।
SGPC ਦਾ ਕਹਿਣਾ ਹੈ ਕਿ ਰਾਜੋਆਣਾ ਕੌਮੀ ਸ਼ਹੀਦ ਹੈ ਅਤੇ ਸਿੱਖ ਭਾਈਚਾਰਾ ਨਹੀਂ ਚਾਹੁੰਦਾ ਕਿ ਉਹ ਭੁੱਖ ਹੜਤਾਲ ‘ਤੇ ਜਾਣ। ਦਸ ਦਈਏ ਕਿ ਇਸ ਵਫ਼ਦ ‘ਚ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਬਿਕਰਮ ਸਿੰਘ ਮਜੀਠੀਆ ਮੌਜ਼ੂਦ ਰਹਿਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੇ ਐਨਆਰਆਈ ਸਿੱਖ ਜਥੇਬੰਦੀਆਂ ਨੂੰ ਵੀ ਆਪੀਲ ਕੀਤੀ ਹੈ ਕਿ ਉਹ ਰਾਜੋਆਣਾ ਦੀ ਸਜ਼ਾ ਦੇ ਮਾਮਲੇ ਨੂੰ ਇੰਟਰਨੈਸ਼ਲ ਪੱਧਰ ਤੇ ਚੁੱਕਣ ।
ਰਾਜੋਆਣਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 2011 ਵਿੱਚ ਰਾਸ਼ਟਰਪਤੀ ਨੂੰ ਦਿੱਤੀ ਗਈ ਰਹਿਮ ਦੀ ਅਪੀਲ ਵਾਪਿਸ ਲਈ ਜਾਵੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਵੀ ਉਸ ਦੀ ਮੌਤ ਦੀ ਸਜ਼ਾ ‘ਤੇ ਇਕਪਾਸੜ ਫੈਸਲਾ ਲੈਣਾ ਚਾਹੀਦਾ ਹੈ।
ਇਸ ਦੇ ਨਾਲ ਹੀ SGPC ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਵਿੱਖ ਦੀ ਰਣਨੀਤੀ ਬਾਰੇ ਦਸਣਗੇ ਤਾਂ ਜੋ ਰਾਜੋਆਣਾ ਨੂੰ SGPC ਦੀਆਂ ਕੋਸ਼ਿਸ਼ਾਂ ਬਾਰੇ ਜਾਣਕਾਰੀ ਮਿਲ ਸਕੇ ਅਤੇ ਉਹ ਹੜਤਾਲ ’ਤੇ ਜਾਣ ਦਾ ਆਪਣਾ ਫੈਸਲਾ ਬਦਲ ਸਕਣ।
20 ਦਸੰਬਰ ਨੂੰ ਦਿੱਲੀ ਵਿੱਚ ਕੱਢਿਆ ਜਾਵੇਗਾ ਰੋਸ ਮਾਰਚ
ਸ਼੍ਰੋਮਣੀ ਕਮੇਟੀ ਵਲੋਂ 20 ਦਸੰਬਰ ਨੂੰ ਸਿੱਖ ਜਥੇਬੰਦੀਆਂ, ਕਿਸਾਨ ਜਥੇਬੰਦੀਆਂ ਅਤੇ ਐਨਆਰਆਈ ਸਿੱਖਾਂ ਨੂੰ ਦਿੱਲੀ ਦੇ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਇੱਕ ਰੋਸ ਮਾਰਚ ਕੱਢਿਆ ਜਾਵੇਗਾ।



