ਬਿਊਰੋ, ਪ੍ਰਾਈਮ ਪੋਸਟ ਪੰਜਾਬ
ਹੁਸ਼ਿਆਰਪੁਰ: ਗੜ੍ਹਸ਼ੰਕਰ-ਚੰਡੀਗੜ੍ਹ ਰੋਡ ’ਤੇ ਪਿੰਡ ਪਨਾਮ ਨੇੜੇ ਇੱਕ ਨਿੱਜੀ ਬੱਸ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਭਰਾਵਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।
ਜਾਣਕਾਰੀ ਮਿਲੀ ਹੈ ਕਿ ਸਵੇਰੇ ਇਕ ਨਿੱਜੀ ਕੰਪਨੀ ਦੀ ਬੱਸ ਚੰਡੀਗੜ੍ਹ ਤੋਂ ਗੜ੍ਹਸ਼ੰਕਰ ਵੱਲ ਆ ਰਹੀ ਸੀ ਅਤੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਗੜ੍ਹਸ਼ੰਕਰ ਤੋਂ ਬਲਾਚੌਰ ਵੱਲ ਆ ਰਹੇ ਸਨ। ਜਦੋਂ ਉਹ ਪਿੰਡ ਪਨਾਮ ਨੇੜੇ ਪੁੱਜੇ ਤਾਂ ਉਨ੍ਹਾਂ ਦੀ ਆਪਸ ਵਿੱਚ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ‘ਤੇ ਸਵਾਰ ਤਿੰਨ ਵਿਅਕਤੀਆਂ ‘ਚੋਂ ਦੋ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਕ ਵਿਅਕਤੀ ਦੀ ਹਸਪਤਾਲ ਪਹੁੰਚਦੇ ਹੀ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਬੱਸ ਦੀ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ। ਮ੍ਰਿਤਕਾਂ ਵਿੱਚ ਨਿੱਕੂ ਪੁੱਤਰ ਅੰਗੂਰੀ ਲਾਲ ਵਾਸੀ ਪਿੰਡ ਪਚਨੰਗਲਾਂ, ਰੋਕੀ ਨਾਮ ਦੇ ਦੋ ਸਗੇ ਭਰਾ ਅਤੇ ਇੱਕ ਹੇਮਰਾਜ ਪੁੱਤਰ ਜਗਦੀਸ਼ ਰਾਮ ਸ਼ਾਮਲ ਹਨ। ਮੌਕੇ ‘ਤੇ ਪਹੁੰਚੀ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਦੇ ਏ.ਐੱਸ.ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ ਅਤੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।

