ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕਫੋਰਸ ਦੀ ਮੀਟਿੰਗ ਹੋਈ
ਸੰਜੀਵ ਜਿੰਦਲ
ਮਾਨਸਾ, 25 ਜੂਨ 2024 :ਸਿਹਤ ਵਿਭਾਗ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੁਹਿੰਮ1 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਮਕਸਦ ਦਸਤ (ਡਾਇਰੀਆ) ਨਾਲ ਹੋਣ ਵਾਲੀਆਂ ਬਾਲ ਮੌਤਾਂ ਨੂੰ ਘੱਟ ਕਰਨਾ ਹੈ। ਉਨ੍ਹਾਂ ਦੱਸਿਆ ਕਿ ਗਰਮੀਆਂ ਦੇ ਮੌਸਮ ਦੌਰਾਨ ਬਜ਼ੁਰਗਾਂ ਅਤੇ ਖਾਸ ਕਰ ਛੋਟੇ ਬੱਚਿਆਂ ਨੂੰ ਉਲਟੀਆਂ ਅਤੇ ਦਸਤ ਲੱਗ ਜਾਂਦੇ ਹਨ, ਜਿਸ ਦੇ ਲਈ ਸਾਵਧਾਨੀਆਂ ਵਰਤਣੀਆਂ ਲਾਜ਼ਮੀ ਹਨ।
ਐਮ.ਐਸ.ਆਰਥੋਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਗਰਮੀਆਂ ਦੇ ਮੌਸਮ ਵਿੱਚ ਸਾਫ਼ ਪਾਣੀ ਪੀਂਦੇ ਰਹਿਣਾ ਚਾਹੀਦਾ ਹੈ, ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰਨਾ ਚਾਹੀਦਾ ਹੈ। ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ.ਦਾ ਘੋਲ ਅਤੇ ਜਿੰਕ ਦੀਆਂ ਗੋਲੀਆਂ 14 ਦਿਨਾਂ ਤੱਕ ਡਾਕਟਰ ਦੀ ਸਲਾਹ ਨਾਲ ਲੈਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਸਰੀਰ ਵਿੱਚ ਪਾਣੀ ਅਤੇ ਖਣਿਜ ਪਦਾਰਥਾਂ ਦੀ ਕਮੀ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਓ.ਆਰ.ਐਸ. ਦਾ ਘੋਲ ਘਰ ਵਿਚ ਵੀ ਤਿਆਰ ਕੀਤਾ ਜਾਂ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਓ.ਆਰ.ਐਸ/ਜਿੰਕ ਕਾਰਨਰ ਬਣਾ ਕੇ ਇਸ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿਹਤ ਵਿਭਾਗ ਦੀਆਂ ਆਸ਼ਾ ਵਰਕਰਾਂ ਦੁਆਰਾ ਘਰ-ਘਰ ਜਾ ਕੇ ਸਰਵੇ ਕੀਤਾ ਜਾਵੇਗਾ ਅਤੇ ਜਿੰਨ੍ਹਾਂ ਘਰਾਂ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ ਹਨ, ਉਨ੍ਹਾਂ ਘਰਾਂ ਵਿੱਚ ਪ੍ਰਤੀ ਬੱਚਾ ਦੋ-ਦੋ ਪੈਕਟ ਓ.ਆਰ.ਐਸ. ਅਤੇ 14 ਗੋਲੀਆਂ ਜਿੰਕ ਦੀਆਂ ਵੰਡੀਆਂ ਜਾਣਗੀਆਂ। ਜਿੰਨ੍ਹਾਂ ਘਰਾਂ ਵਿੱਚ ਛੋਟੇ ਬੱਚੇ ਹਨ, ਉਨ੍ਹਾਂ ਘਰਾਂ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਓ.ਆਰ.ਐਸ. ਦਾ ਘੋਲ ਘਰ ਵਿੱਚ ਤਿਆਰ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮਹਿੰਮ ਦੌਰਾਨ ਆਰ.ਬੀ.ਐਸ.ਕੇ.ਦੀਆਂ ਟੀਮਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਕੂਲਾਂ ਵਿੱਚ ਬੱਚਿਆਂ ਨੁੰ ਹੱਥਾਂ ਦੀ ਸਫਾਈ ਰੱਖਣ ਸਬੰਧੀ ਜਾਣੂ ਕਰਵਾਇਆ ਜਾਵੇਗਾ।
ਇਸ ਮੌਕੇ ਡਾ. ਕੰਵਲਪ੍ਰੀਤ ਕੌਰ ਬਰਾੜ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ, ਡਾ. ਨਵਦਿਤਾ ਵਾਸੁਦੇਵਾ ਨੁਮਾਇੰਦੇ ਡਬਲਯੂ.ਐਚ. ਓ., ਡਾ. ਬਲਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਮਾਨਸਾ, ਡਾ. ਵੇਦ ਪਰਕਾਸ਼ ਸੰਧੂ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ, ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਸ੍ਰੀ ਸੰਤੋਸ਼ ਭਾਰਤੀ ਐਪਿਡਮੈਲੋਜਿਸਟ, ਤਿਰਲੋਕ ਸਿੰਘ ਅਤੇ ਕੇਵਲ ਸਿੰਘ ਬਲਾਕ ਐਜੁਕੇਟਰ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ, ਆਈ.ਸੀ.ਡੀ.ਐਸ. ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

