
ਸੰਜੀਵ ਜਿੰਦਲ
ਮਾਨਸਾ, 16 ਅਗਸਤ 2024 : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ। ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖ਼ਤਮ ਕਰਨਾ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਹੈ।


ਜ਼ਿਲ੍ਹਾ ਮਾਨਸਾ ਵਿਚ 14 ਸਤੰਬਰ, 2024 ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਨੂੰ ਸਫਲ ਕਰਨ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਐਚ.ਐਸ.ਗਰੇਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ, ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਆਪਣਾ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ।


ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਲੋਕ ਅਦਾਲਤ ਵਿੱਚ ਇਕ ਦਰਖ਼ਾਸਤ ਦੇ ਕੇ ਹੀ ਆਪਣਾ ਕੇਸ ਲਗਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਵੀ ਵਿਅਕਤੀ ਨੂੰ ਕਾਨੂੰਨੀ ਸਹਾਇਤਾ ਦੀ ਲੋੜ ਹੈ ਤਾਂ ਉਹ ਨੈਸ਼ਨਲ ਟੋਲ ਫਰੀ ਹੈਲਪਲਾਈਨ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

