ਬਿਊਰੋ ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ– ਅੱਜ ਪੰਜਾਬ ਸਰਕਾਰ ਵਿੱਚ ਵੱਡਾ ਫੇਰਬਦਲ ਕੀਤਾ ਗਿਆ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਢਾਈ ਸਾਲ ਦੇ ਕਾਰਜਕਾਲ ਵਿੱਚ ਇਹ ਚੌਥਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਕੈਬਨਿਟ ਦੇ ਵਿਸਤਾਰ ਤੋਂ ਪਹਿਲਾਂ ਚਾਰ ਮੰਤਰੀਆਂ ਨੂੰ ਮੰਤਰੀ ਮੰਡਲ ਵਿਚੋਂ ਬਾਹਰ ਦਾ ਰਾਹ ਵਿਖਾ ਦਿੱਤਾ। ਇਨ੍ਹਾਂ ਵਿੱਚ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਸ਼ਾਮਲ ਹਨ। ਆਓ ਜਾਣਦੇ ਹਾਂ ਭਗਵੰਤ ਮਾਨ ਦੀ ਕੈਬਨਿਟ ‘ਚ ਕਿਹੜੇ ਪੰਜ ਨੇਤਾਵਾਂ ਨੂੰ ਜਗ੍ਹਾ ਮਿਲੀ ਹੈ।
ਹਰਦੀਪ ਸਿੰਘ ਮੁੰਡੀਆ: ਹਰਦੀਪ ਸਿੰਘ ਮੁੰਡੀਆ ਲੁਧਿਆਣਾ ਦੇ ਸਾਹਨੇਵਾਲ ਤੋਂ ਵਿਧਾਇਕ ਹਨ। ਉਨ੍ਹਾਂ ਨੂੰ ਮਾਲੀਆ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦਿੱਤੇ ਗਏ ਹਨ। ਲੁਧਿਆਣਾ ਪੰਜਾਬ ਦਾ ਸਭ ਤੋਂ ਵੱਡਾ ਜ਼ਿਲ੍ਹਾ ਹੈ। ਮੌਜੂਦਾ ਸਰਕਾਰ ਵਿੱਚ ਇੱਥੋਂ ਕੋਈ ਮੰਤਰੀ ਨਹੀਂ ਸੀ। ਇਸ ਕਾਰਨ ਹਰਦੀਪ ਸਿੰਘ ਨੂੰ ਤਰਜੀਹ ਦਿੱਤੀ ਗਈ ਹੈ।
ਮਹਿੰਦਰ ਪਾਲ ਭਗਤ: ਮਹਿੰਦਰਪਾਲ ਜਲੰਧਰ ਪੱਛਮੀ ਤੋਂ ਵਿਧਾਇਕ ਹਨ। ਉਨ੍ਹਾਂ ਨੂੰ ਰੱਖਿਆ ਸੇਵਾਵਾਂ ਦੀ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਵਿਭਾਗ ਦਿੱਤੇ ਹਨ। ਦਸ ਦਈਏ ਕਿ ਭਗਵੰਤ ਮਾਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਮਹਿੰਦਰ ਨੂੰ ਵਿਧਾਇਕ ਬਣਾਇਆ ਜਾਂਦਾ ਹੈ ਤਾਂ ਉਹ ਉਨ੍ਹਾਂ ਨੂੰ ਮੰਤਰੀ ਬਣਾ ਦੇਣਗੇ। ਮੁੱਖ ਮੰਤਰੀ ਨੇ ਆਪਣਾ ਵਾਅਦਾ ਪੂਰਾ ਕੀਤਾ।
ਬਰਿੰਦਰ ਕੁਮਾਰ ਗੋਇਲ: ਬਰਿੰਦਰ ਸੰਗਰੂਰ ਦੇ ਲਹਿਰਾ ਤੋਂ ਵਿਧਾਇਕ ਹਨ। ਉਨ੍ਹਾਂ ਨੂੰ ਖਾਣਾਂ ਅਤੇ ਭੂ-ਵਿਗਿਆਨ, ਪਾਣੀ ਦੇ ਸਰੋਤ ਅਤੇ ਜ਼ਮੀਨ ਅਤੇ ਪਾਣੀ ਦੀ ਸੰਭਾਲ ਵਿਭਾਗ ਦਿੱਤੇ ਹਨ। ਉਹ ਪਰਮਿੰਦਰ ਸਿੰਘ ਢੀਂਡਸਾ ਅਤੇ ਕਾਂਗਰਸ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਹਰਾ ਕੇ ਵਿਧਾਨ ਸਭਾ ਵਿੱਚ ਪੁੱਜੇ ਹਨ।
ਤਰੁਨਪ੍ਰੀਤ ਸਿੰਘ ਸੌਂਦ: ਤਰੁਨਪ੍ਰੀਤ ਸੋਂਦ ਖੰਨਾ, ਲੁਧਿਆਣਾ ਤੋਂ ਵਿਧਾਇਕ ਹੈ। ਉਨ੍ਹਾਂ ਨੂੰ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ, ਪਰਾਹੁਣਚਾਰੀ, ਉਦਯੋਗ ਅਤੇ ਵਣਜ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦਿੱਤੇ ਹਨ। ਉਹ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਗੁਰਕੀਰਤ ਸਿੰਘ ਕੋਟਲੀ ਨੂੰ ਹਰਾ ਕੇ ਵਿਧਾਨ ਸਭਾ ਵਿੱਚ ਪੁੱਜੇ ਹਨ। ਉਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਰਵਾਇਤੀ ਸੀਟ ‘ਤੇ ਆਮ ਆਦਮੀ ਪਾਰਟੀ ਨੂੰ ਜਿੱਤ ਦਿਵਾਈ ਸੀ।
ਡਾ. ਰਵਜੋਤ ਸਿੰਘ: ਰਵਜੋਤ ਸਿੰਘ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਤੋਂ ਵਿਧਾਇਕ ਹਨ ਅਤੇ ਅਨੁਸੂਚਿਤ ਜਾਤੀ ਤੋਂ ਆਉਂਦੇ ਹਨ। ਰਵਜੋਤ ਸਿੰਘ ਪੇਸ਼ੇ ਤੋਂ ਡਾਕਟਰ ਹਨ। ਉਹ ਇੱਕ ਸਾਧਾਰਨ ਪਰਿਵਾਰ ਵਿੱਚੋਂ ਆਉਂਦੇ ਹਨ। ਡਾ. ਰਵਜੋਤ ਸਿੰਘ ਨੂੰ ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਅਤੇ ਜਲ ਸੰਭਾਲ ਵਿਭਾਗ ਦਿੱਤੇ ਗਏ ਹਨ।