ਬਿਊਰੋ, ਪ੍ਰਾਈਮ ਪੋਸਟ ਪੰਜਾਬ
ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਸ਼ੁੱਕਰਵਾਰ ਦੇਰ ਰਾਤ ਉਨ੍ਹਾਂ ਦੇ ਘਰ ‘ਚ ਸ਼ੱਕੀ ਹਾਲਤ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਗੋਲੀ ਗੋਗੀ ਦੇ ਸਿਰ ‘ਚ ਲੱਗੀ, ਪਰ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਗੋਲੀ ਕਿਵੇਂ ਚੱਲੀ ਅਤੇ ਕਿਸ ਨੇ ਚਲਾਈ।

ਡੀਸੀਪੀ ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਉਨ੍ਹਾਂ (ਗੁਰਪ੍ਰੀਤ ਗੋਗੀ) ਨੂੰ ਹਸਪਤਾਲ ਲਿਆਂਦਾ ਗਿਆ ਸੀ। ਘਟਨਾ ਰਾਤ ਕਰੀਬ 12 ਵਜੇ ਦੀ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਕਰਵਾਇਆ ਜਾਵੇਗਾ।

ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਘਰ ਦੇ ਲੋਕ ਅਤੇ ਸੁਰੱਖਿਆ ਕਰਮਚਾਰੀ ਕਮਰੇ ‘ਚ ਪਹੁੰਚੇ, ਜਿੱਥੇ ਉਹ ਖੂਨ ਨਾਲ ਲਥਪਥ ਪਿਆ ਸੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ’ਤੇ ਸੀਨੀਅਰ ਪੁਲੀਸ ਅਧਿਕਾਰੀ ਅਤੇ ਥਾਣਾ ਡਿਵੀਜ਼ਨ 8 ਦੀ ਪੁਲੀਸ ਵੀ ਮੌਕੇ ’ਤੇ ਪਹੁੰਚ ਗਈ।

ਗੋਗੀ ਨੇ ਸ਼ੁੱਕਰਵਾਰ ਰਾਤ ਪ੍ਰਾਚੀਨ ਸ਼ੀਤਲਾ ਮਾਤਾ ਮੰਦਰ ‘ਚ ਹੋਈ ਬੇਅਦਬੀ ਅਤੇ ਚੋਰੀ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਲੋਕਾਂ ਨਾਲ ਮੁਲਾਕਾਤ ਕੀਤੀ। ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਦੇਰ ਰਾਤ ਘਰ ਪਹੁੰਚੇ।


