ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਹਾਲਾਤ ਤੋਂ ਬਚਣ ਸਬੰਧੀ ਪ੍ਰਬੰਧ ਕਰਨ ਲਈ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕੀਤੇ ਹਨ।
ਇਕ ਪ੍ਰੈਸ ਬਿਆਨ ਵਿਚ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਐਲੀਮੈਂਟਰੀ ਅਤੇ ਸੈਕੰਡਰੀ ਸਕੂਲਾਂ ਨੂੰ ਪੁਲਿਸ-112, ਫਾਇਰ-101, ਐਂਬੂਲੈਂਸ-108, ਮਹਿਲਾ ਹੈਲਪਲਾਈਨ-1091, ਟਰੈਫਿਕ ਹੈਲਪਲਾਈਨ-1073 ਅਤੇ ਚਾਈਲਡ ਹੈਲਪਲਾਈਨ-1098 ਆਦਿ ਵਰਗੇ ਐਮਰਜੈਂਸੀ ਹੈਲਪਲਾਈਨ ਨੰਬਰ ਵਾਲੇ ਡਿਸਪਲੇਅ ਬੋਰਡ ਲਗਾਉਣ ਲਈ ਫੰਡਾਂ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਐਮਰਜੈਂਸੀ ਪੈਨਿਕ ਅਲਾਰਮ ਲਗਾਉਣ ਦੇ ਨਿਰਦੇਸ਼
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲ ਮੁੱਖੀਆਂ ਨੂੰ ਸਕੂਲ ਵਿਚ ਅੱਗ ਲੱਗਣ ਦੀ ਘਟਨਾ ਜਾਂ ਕੁਦਰਤੀ ਆਫ਼ਤ ਦੀ ਸਥਿਤੀ ਵਿਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇਕ ਨਿਕਾਸੀ ਯੋਜਨਾ ਤਿਆਰ ਕਰਨ ਅਤੇ ਲੋੜ ਮੁਤਾਬਕ ਐਮਰਜੈਂਸੀ ਪੈਨਿਕ ਅਲਾਰਮ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲ ਦੇ ਸਟਾਫ ਨੂੰ ਸਕੂਲ ਦੀਆਂ ਇਮਾਰਤਾਂ ਦੀ ਨਿਯਮਤ ਜਾਂਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਿਜਲੀ ਦੇ ਉਪਕਰਨ ਅਤੇ ਤਾਰਾਂ ਠੀਕ ਸਥਿਤੀ ਵਿਚ ਹਨ।
ਸਕੂਲਾਂ ਵਿਚ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਏ ਜਾਣਗੇ
ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਸਿਖਲਾਈ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਮਾਹਿਰਾਂ ਨੂੰ ਬੁਲਾ ਕੇ ਸਕੂਲਾਂ ਵਿਚ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਇਹ ਯਕੀਨੀ ਬਣਾਉਣਗੇ ਕਿ ਇਸ ਸਬੰਧੀ ਖਰਚੇ ਪਬਲਿਕ ਫਾਈਨੈਂਸ਼ੀਅਲ ਮੈਨੇਜਮੈਂਟ ਸਿਸਟਮ (PFMS) ਪੋਰਟਲ ਦੇ ਈ.ਏ.ਟੀ. ਮਾਡਿਊਲ ਰਾਹੀਂ ਕੀਤੇ ਜਾਣ ਅਤੇ ਫੰਡਾਂ ਦੀ ਆਨਲਾਈਨ ਨਿਗਰਾਨੀ ਲਈ ਇਸ ਸਬੰਧੀ ਪ੍ਰਬੰਧ ਪੋਰਟਲ ‘ਤੇ ਸਮੇਂ ਸਿਰ ਅਪਡੇਟ ਕੀਤਾ ਜਾਣਾ ਚਾਹੀਦਾ ਹੈ।

