
ਡਿਊਟੀ ’ਤੇ ਤੈਨਾਤ ਅਧਿਕਾਰੀਆਂ, ਕਰਮਚਾਰੀਆਂ ਦੀਆਂ ਸ਼ਿਕਾਇਤਾਂ ਸਬੰਧੀ ਕਮੇਟੀ ਗਠਿਤ ਕਰਨ ਦੀ ਹਦਾਇਤ
ਸੰਜੀਵ ਜਿੰਦਲ
ਮਾਨਸਾ, 6 ਮਾਰਚ 2025 : ਸਿਹਤ ਸੰਸਥਾਵਾਂ ਅਤੇ ਪੈਰਾਮੈਡੀਕਲ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਹਸਪਤਾਲ ਅਤੇ ਸਬ ਡਵੀਜ਼ਨ ਹਸਪਤਾਲਾਂ ਵਿਖੇ ਚੌਂਕੀਆਂ ਬਣਾਈਆਂ ਜਾਣ ਅਤੇ ਓਟ ਸੈਂਟਰਾਂ ਵਿਖੇ ਪੁਲਿਸ ਦੀ ਗਸ਼ਤ ਤੇਜ਼ ਕੀਤੀ ਜਾਵੇ ਤਾਂ ਜੋ ਕਿਸੇ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਸਿਹਤ ਵਿਭਾਗ ਦੀ ਇਕ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦੇਣ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਸਪਤਾਲਾਂ ਵਿਚ ਗਸ਼ਤ ਵਧਾਈ ਜਾਵੇ ਤਾਂ ਜੋਂ ਕਿਸੇ ਤਰ੍ਹਾਂ ਦੀ ਵਾਰਦਾਤ ਕਰਨ ਵਾਲੇ ’ਤੇ ਤੁਰੰਤ ਐਕਸ਼ਨ ਲੈਂਦਿਆਂ ਉਸ ਵਿਰੁੱਧ ਐਫ਼.ਆਈ.ਆਰ. ਦਰਜ ਕਰਕੇ ਗਿਰਫ਼ਤਾਰ ਕੀਤਾ ਜਾ ਸਕੇ।
ਉਨ੍ਹਾਂ ਮੈਡੀਕਲ ਪੇਸ਼ੇਵਰਾਂ ਵਿਰੁੱਧ ਵਧ ਰਹੇ ਹਿੰਸਾ ਦੇ ਮਾਮਲਿਆਂ ਦਾ ਸਖ਼ਤ ਨੋਟਿਸ ਲੈਂਦਿਆਂ ਸਮੂਹ ਐਸ.ਐਮ.ਓਜ਼. ਨੂੰ ਹਦਾਇਤ ਕਰਦਿਆਂ ਕਿਹਾ ਕਿ ਡਿਊਟੀ ’ਤੇ ਤੈਨਾਤ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸ਼ਿਕਾਇਤਾਂ ਸਬੰਧੀ ਕਮੇਟੀਆਂ ਦਾ ਗਠਨ ਕੀਤਾ ਜਾਵੇ ਤਾਂ ਜੋਂ ਸਮੱਸਿਆਵਾਂ ਨੂੰ ਜਲਦ ਹੱਲ ਕੀਤਾ ਜਾ ਸਕੇ। ਸਿਹਤ ਸੰਸਥਾਵਾਂ ਦੀ ਐਂਟਰੀ ਅਤੇ ਬਾਹਰ ਜਾਣ ਦੇ ਰਸਤਿਆਂ ’ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਗਿਣਤੀ ਵਧਾਈ ਜਾਵੇ। ਡਿਊਟੀ ’ਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੁਕੰਮਲ ਡਰੈੱਸ ਅਤੇ ਪਹਿਚਾਣ ਪੱਤਰ ਪਹਿਨਣੇ ਯਕੀਨੀ ਬਣਾਏ ਜਾਣ। ਦਾਖਲ ਮਰੀਜ਼ਾਂ ਦੇ ਵਾਰਸਾ ਨੂੰ ਗੇਟ ਪਾਸ ਜਾਰੀ ਕੀਤੇ ਜਾਣ, ਤਾਂ ਜੋਂ ਕੋਈ ਅਣਜਾਣ ਵਿਅਕਤੀ ਹਸਪਤਾਲ ਵਿਚ ਦਾਖਲ ਨਾ ਹੋਵੇ।
ਉਨ੍ਹਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਅਜਿਹੇ ਪ੍ਰਬੰਧ ਕੀਤੇ ਜਾਣ ਤਾਂ ਜੋ ‘ਹਿੰਸਾ ਦੀ ਰੋਕਥਾਮ ਅਤੇ ਜਾਇਦਾਦ ਨੂੰ ਨੁਕਸਾਨ ਐਕਟ’ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਮੈਡੀਕਲ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ, ਐਸ.ਪੀ.(ਐਚ) ਸ਼੍ਰੀ ਜਸਕੀਰਤ ਅਹੀਰ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਡੀ.ਐਮ.ਸੀ. ਡਾ. ਕੰਵਲਪ੍ਰੀਤ ਬਰਾੜ, ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਨੁਮਾਇੰਦੇ, ਮੈਡੀਕਲ ਅਫਸਰ ਡਾ. ਕਮਲਦੀਪ, ਨਰਸਿੰਗ ਸਿਸਟਰ ਸ਼੍ਰੀਮਤੀ ਗੁਰਵਿੰਦਰ ਕੌਰ ਹਾਜ਼ਰ ਸਨ।

