
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਅੱਜ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਰਾਜ ਦਾ ਬਜਟ ਪੇਸ਼ ਕੀਤਾ। ਸਦਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਮਾਨ ਸਰਕਾਰ ਨੇ ਆਰਥਿਕ ਤੌਰ ‘ਤੇ ਕਮਜ਼ੋਰ ਪੰਜਾਬ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਪੰਜਾਬ ਵਿੱਚ ਬਦਲਣ ਦਾ ਕੰਮ ਕੀਤਾ ਹੈ।’ ਵਿੱਤ ਮੰਤਰੀ ਵੱਲੋਂ ‘ਬਦਲਦਾ ਪੰਜਾਬ’ ਥੀਮ ਹੇਠ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਪਗ 15% ਵੱਧ ਹੈ।
ਕਰਜ਼ਾ ਮੁਆਫ਼ੀ ਦਾ ਕੀਤਾ ਐਲਾਨ
ਪੰਜਾਬ ਬਜਟ ਵਿਚ ਸਮਾਜਿਕ ਨਿਆਂ ਅਤੇ ਅਨੁਸੂਚਿਤ ਜਾਤੀਆਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਨੇ ਐਲਾਨ ਕਰਦੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਭਾਈਚਾਰੇ ਵੱਲੋਂ ‘ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ’ ਤੋਂ 2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ ਜਾਂਦੇ ਹਨ। ਇਸ ਦੇ ਨਾਲ 5 ਹਜ਼ਾਰ ਲੋਕਾਂ ਨੂੰ ਲਾਭ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਸਾਰੇ ਦਲਿਤ ਵਰਗਾਂ ਦੇ ਵਿਕਾਸ ਲਈ ਵਿੱਤੀ ਸਾਲ 2025-26 ਵਿਚ ਅਨੁਸੂਚਿਤ ਜਾਤੀਆਂ ਉੱਪ-ਯੋਜਨਾ (ਐੱਸ. ਸੀ. ਐੱਸ. ਪੀ) ਲਈ 13,937 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ, ਜੋ ਸੂਬੇ ਦੇ ਕੁੱਲ੍ਹ ਬਜਟ ਦਾ 34 ਫ਼ੀਸਦੀ ਹੈ।