
ਮਾਨਸਾ, 23 ਅਪ੍ਰੈਲ ( ਸੰਜੀਵ ਜਿੰਦਲ) : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਿਆ ਕਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸ. ਜਗਦੀਪ ਸਿੰਘ ਨਕਈ ਨੇ ਇਸ ਘਟਨਾ ਨੂੰ ਨਫਰਤ, ਕੱਟੜਤਾ ਅਤੇ ਇਨਸਾਨੀਅਤ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਦਹਿਸ਼ਤਗਰਦਾਂ ਖ਼ਿਲਾਫ ਸਖ਼ਤ ਅਤੇ ਤੁਰੰਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇਹ ਹਮਲਾ ਇਨਸਾਨੀਅਤ ਦੇ ਮੱਥੇ ਉਤੇ ਕਾਲਾ ਧੱਬਾ ਹੈ, ਜਿਸ ਵਿੱਚ ਬੇਗੁਨਾਹ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਅਜਿਹੀ ਹਿੰਸਕ ਘਟਨਾ ਦੇਸ਼ ਦੇ ਭਾਈਚਾਰੇ, ਪਿਆਰ ਅਤੇ ਸੱਭਿਆਚਾਰ ਨੂੰ ਖੰਡਤ ਕਰਨ ਦੀ ਕੋਸ਼ਿਸ਼ ਹੈ, ਜੋ ਕਿ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸੈਰ-ਸਪਾਟੇ ਲਈ ਜੰਮੂ-ਕਸ਼ਮੀਰ ਆਏ ਸੈਲਾਨੀਆਂ ਉੱਤੇ ਹਮਲਾ ਕਰਨਾ ਦਹਿਸ਼ਤਗਰਦਾਂ ਦੀ ਕਾਇਰਤਾ ਦੱਸਦਾ ਹੈ। ਇਹ ਸਾਫ਼ ਦਰਸਾਉਂਦਾ ਹੈ ਕਿ ਕੁਝ ਕੱਟੜਵਾਦੀ ਤਾਕਤਾਂ ਦੇਸ਼ ਵਿੱਚ ਸ਼ਾਂਤੀ ਅਤੇ ਏਕਤਾ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਰਚ ਰਹੀਆਂ ਹਨ। ਪਰ ਭਾਰਤ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਰੂਪ ਵਿੱਚ ਸਿਰ ਚੁੱਕਣ ਨਹੀਂ ਦੇਵੇਗੀ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਵੱਲੋਂ ਹਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਹਮਲੇ ਦੀ ਸੂਚਨਾ ਮਿਲਦਿਆਂ ਹੀ ਸ਼੍ਰੀਨਗਰ ਪਹੁੰਚ ਗਏ ਸਨ। ਨਾਲ ਹੀ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੇ ਆਪਣਾ ਵਿਦੇਸ਼ ਦੌਰਾ ਤੁਰੰਤ ਰੱਦ ਕਰਕੇ ਦੇਸ਼ ਵਾਪਸੀ ਕੀਤੀ ਹੈ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦੋਸ਼ੀਆਂ ਖ਼ਿਲਾਫ਼ ਵੱਡਾ ਫੈਸਲਾ ਲੈਣਗੇ, ਤਾਂ ਜੋ ਉਨ੍ਹਾਂ ਨੂੰ ਸਖ਼ਤ ਸਜ਼ਾ ਮਿਲ ਸਕੇ। ਜੰਮੂ-ਕਸ਼ਮੀਰ ਦਾ ਮਾਹੌਲ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਆਮ ਲੋਕਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਰਹੇਗੀ। ਭਾਰਤ ਇੱਕ ਸਾਂਝਾ ਸੰਸਕਾਰ ਅਤੇ ਧਰਮ-ਨਿਰਪੇਖ਼ ਦੇਸ਼ ਹੈ, ਜਿੱਥੇ ਨਫਰਤ ਅਤੇ ਧਰਮ ਦੇ ਨਾਂ ’ਤੇ ਹੋ ਰਹੀ ਹਿੰਸਾ ਲਈ ਕੋਈ ਥਾਂ ਨਹੀਂ। ਅਜਿਹੀਆਂ ਘਟਨਾਵਾਂ ਦੀ ਹਰ ਸਤਰ ’ਤੇ ਨਿੰਦਿਆ ਕੀਤੀ ਜਾਂਦੀ ਰਹੇਗੀ ਅਤੇ ਇਸ ਹਮਲੇ ਲਈ ਜ਼ਿੰਮੇਵਾਰ ਤੱਤਾਂ ਨੂੰ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ ਨਾਲ ਹੀ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣਾਈ ਰੱਖਣ।