
ਮਾਨਸਾ, 28 ਅਪ੍ਰੈਲ ( ਸੰਜੀਵ ਜਿੰਦਲ ) : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮਾਨਸਾ ਦੇ ਖੋਖਰ ਰੋਡ ‘ਤੇ ਸਥਿਤ ਵਾਰਡ ਨੰਬਰ 26 ਵਿੱਚ ਆਪਣੀ ਪਕੜ ਹੋਰ ਮਜ਼ਬੂਤ ਕਰ ਲਈ, ਜਦੋਂ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸ. ਜਗਦੀਪ ਸਿੰਘ ਨਕਈ ਦੀ ਅਗਵਾਈ ਵਿੱਚ ਇੱਕ ਵੱਡਾ ਸ਼ਮੂਲੀਅਤ ਸਮਾਗਮ ਆਯੋਜਿਤ ਕੀਤਾ ਗਿਆ।
ਇਸ ਮੌਕੇ ਸ੍ਰੀ ਤਰਸੇਮ ਲੋਟੀਆ ਅਤੇ ਗੁਰਸ਼ਰਨ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਪਾਲ ਸਿੰਘ ਪਿਪਲੀਆ ਵਾਲ਼ਾ, ਕਮਲ ਕੁਮਾਰ ਮੱਦੀ, ਬੰਸਤੀ ਦੇਵੀ, ਮੇਲਾ ਸਿੰਘ ਪ੍ਰਧਾਨ ਗੁਰੂਦੁਆਰਾ ਇਸਾ ਨਗਰ, ਕੁਲਦੀਪ ਕੁਮਾਰ ਪਰੋਚਾ ਆਟੋ ਯੂਨੀਅਨ ਆਦਿ ਆਪਣੇ ਸਾਥੀਆਂ ਸੈਕੜੇ ਸਾਥੀਆਂ ਸਮੇਤ ਵਿੱਚ ਵਾਰਡ 26 ਦੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਸਮਾਗਮ ਨੂੰ ਸੰਬੋਧਨ ਕਰਦਿਆਂ ਜਗਦੀਪ ਸਿੰਘ ਨਕਈ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਵਰਕਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਾਰਟੀਆਂ ਤੋਂ ਆਏ ਇਨ੍ਹਾਂ ਵਰਕਰਾਂ ਦੇ ਆਉਣ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਮਦਦ ਮਿਲੇਗੀ।
ਇਸ ਮੌਕੇ ‘ਤੇ ਸੂਬਾ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਸ੍ਰੀ ਨਕਈ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਫਰੰਟ ‘ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦਤਰ ਹੋ ਚੁੱਕੀ ਹੈ ਅਤੇ ਵਿਕਾਸ ਕਾਰਜ ਠੱਪ ਹੋ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸੇ ਕਾਰਨ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੂੰ ਲੋਕਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹਰ ਪਿੰਡ ਵਿੱਚ ਉਨ੍ਹਾਂ ਖਿਲਾਫ ਰੋਸ ਪ੍ਰਦਰਸ਼ਨ ਆਮ ਗੱਲ ਹੋ ਗਈ ਹੈ।
ਸਰਦਾਰ ਨਕਈ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ ਉਹ ਭਾਰਤੀ ਜਨਤਾ ਪਾਰਟੀ ਨੂੰ ਇੱਕ ਮੌਕਾ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਦੀਆਂ ਸਰਕਾਰਾਂ ਵਾਲੇ ਸੂਬਿਆਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਹੋ ਰਿਹਾ ਹੈ ਅਤੇ ਕਾਨੂੰਨ ਵਿਵਸਥਾ ਕੰਟਰੋਲ ਵਿੱਚ ਹੈ, ਉਸੇ ਤਰ੍ਹਾਂ ਪੰਜਾਬ ਦੇ ਲੋਕ ਵੀ ਸੂਬੇ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਆਉਣਾ ਚਾਹੁੰਦੇ ਹਨ।
ਇਸ ਸ਼ਮੂਲੀਅਤ ਸਮਾਗਮ ਵਿੱਚ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਰਕੇਸ਼ ਜੈਨ, ਹਲਕਾ ਇੰਚਾਰਜ ਮਨਦੀਪ ਮਾਨ , ਵਿਨੋਦ ਕੁਮਾਰ ਭੰਮਾਂ , ਪਾਲਾ ਰਾਮ ਪਰੋਚਾ, ਤਰਸੇਮ ਲੋਟੀਆ, ਗੁਰਸਰਨ ਸਿੰਘ ਧਾਲੀਵਾਲ, ਪਰਦੀਪ ਵਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਦੇ ਹੋਰ ਸੀਨੀਅਰ ਆਗੂ ਅਤੇ ਵਰਕਰ ਵੀ ਸ਼ਾਮਲ ਸਨ, ਜਿਨ੍ਹਾਂ ਨੇ ਨਵੇਂ ਸ਼ਾਮਲ ਹੋਏ ਵਰਕਰਾਂ ਦਾ ਉਤਸ਼ਾਹ ਨਾਲ ਸਵਾਗਤ ਕੀਤਾ।