
ਸੰਜੀਵ ਜਿੰਦਲ
ਮਾਨਸਾ / ਸਰਦੂਲਗੜ੍ਹ, 21 ਅਗਸਤ : ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਯੋਜਨਾਵਾਂ ਦੀ ਜਾਣਕਾਰੀ ਸਬੰਧੀ ਕੈਂਪ ਲਗਾਉਣ ਜਾ ਰਹੇ ਭਾਜਪਾ ਆਗੂ ਅਤੇ ਕਾਰਕੁਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਕਰੰਡੀ, ਫੱਤਾ ਮਾਲੋਕਾ ਮੰਡਲ ਪ੍ਰਧਾਨ ਸੁਖਵਿੰਦਰ ਸਿੰਘ, ਤੋਂ ਇਲਾਵਾ ਭਾਜਪਾ ਦੇ ਵੱਖ ਵੱਖ ਕਾਰਕੁਨ ਪਵਨ ਸ਼ਰਮਾ, ਹਰਜੀਤ ਸਿੰਘ ਅਤੇ ਪ੍ਰੇਮ ਸਿੰਘ ਸ਼ਾਮਿਲ ਹਨ ਜਿਨਾਂ ਨੂੰ ਮਾਨਸਾ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿੱਚ ਰੱਖਿਆ ਗਿਆ।
ਇਸ ਸਬੰਧੀ ਜਦੋਂ ਜਿਲਾ ਮਾਨਸਾ ਦੇ ਭਾਜਪਾ ਪ੍ਰਧਾਨ ਗੋਮਾ ਰਾਮ ਕਰੰਡੀ ਅਤੇ ਫੱਤਾ ਮਾਲੋਕਾ ਦੇ ਮੰਡਲ ਪ੍ਰਧਾਨ ਸੁਖਵਿੰਦਰ ਸਿੰਘ ਨਾਲ ਗੱਲ ਹੋਈ ਤਾਂ ਉਹਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਗਰੀਬ ਲੋਕਾਂ ਲਈ ਵੱਖ ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਪਰ ਉਹ ਕਈ ਕਾਰਨਾਂ ਕਰਕੇ ਲੋਕਾਂ ਤੱਕ ਨਹੀਂ ਪਹੁੰਚ ਸਕੀਆਂ, ਇਸ ਦੇ ਸੰਬੰਧ ਵਿੱਚ ਹਾਈ ਕਮਾਂਨ ਦੇ ਆਦੇਸ਼ ਅਨੁਸਾਰ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਦੇ ਕੰਮ ਕੀਤੇ ਜਾ ਰਹੇ ਹਨ ਪਰ ਸੂਬਾ ਸਰਕਾਰ ਨੂੰ ਇਹ ਗੱਲ ਰੜਕ ਰਹੀ ਹੈ। ਇਸ ਲਈ ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਹਿ ਤੇ ਕੈਂਪ ਲਗਾਉਣ ਜਾ ਰਹੇ ਭਾਜਪਾ ਦੇ ਕਾਰਕੁਨਾਂ ਨੂੰ ਗ੍ਰਿਫਤਾਰ ਕਰ ਲਿਆ।
ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਭਾਜਪਾ ਦੇ ਲਗਾਤਾਰ ਵੱਧ ਰਹੇ ਗਰਾਫ਼ ਤੋਂ ਘਬਰਾ ਗਈ ਹੈ ਅਤੇ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਸਿਹਰਾ ਆਪਣੇ ਸਿਰ ਬੰਨ੍ਹਣਾ ਚਾਹੁੰਦੀ ਹੈ, ਜਿਸ ਕਾਰਨ ਭਾਜਪਾ ਆਗੂਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਸ ਤਾਨਾਸ਼ਾਹੀ ਕਾਰਵਾਈ ਖ਼ਿਲਾਫ਼ ਭਾਜਪਾ ਵੱਡਾ ਸੰਘਰਸ਼ ਐਲਾਨੇਗੀ।
ਦੱਸਣਯੋਗ ਹੈ ਕਿ ਬੀਤੇ ਦਿਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੋਸ਼ ਲਗਾਇਆ ਸੀ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਵੱਲੋਂ ਪੰਜਾਬੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੋਕਾਂ ਤੱਕ ਪਹੁੰਚਣ ਨਹੀਂ ਦੇ ਰਹੀ ਅਤੇ ਨਾ ਹੀ ਉਨ੍ਹਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ, ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਕੇਂਦਰ ਸਰਕਾਰ ਦੀਆਂ ਸਹੂਲਤਾਂ ਤੇ ਯੋਜਨਾਵਾਂ ਦੇ ਕੈਂਪ ਲਗਾਉਣ ਦਾ ਐਲਾਨ ਕੀਤਾ ਗਿਆ ਸੀ।
ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਈ ਤੋਂ ਭਾਰਤੀ ਜਨਤਾ ਪਾਰਟੀ ਦੇ ਵਰਕਰ ਕਾਮਨ ਸਰਵਿਸ ਸੈਂਟਰ (ਜਿਸ ਨੂੰ ਭਾਰਤ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਹੈ) ਰਾਹੀਂ ਕੈਂਪ ਲਗਾ ਕੇ ਲੋਕਾਂ ਨੂੰ ਕੇਂਦਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਵਿੱਚ ਲੱਗੇ ਹੋਏ ਹਨ। ਸਾਡੀ ਭੂਮਿਕਾ ਲੋਕਾਂ ਨੂੰ ਕੈਂਪ ਵਿੱਚ ਲਿਆਉਣ ਤੇ ਲਿਜਾਣ ਤੱਕ ਸੀਮਤ ਹੈ। ਕੱਲ੍ਹ ਵੀ ਸਾਡੇ ਕੈਂਪ ਬੰਦ ਕਰ ਦਿੱਤੇ ਗਏ ਤੇ ਅੱਜ ਵੀ ਅਜਿਹੀ ਕੋਸ਼ਿਸ਼ ਕੀਤੀ ਗਈ।
ਉਨ੍ਹਾਂ ਨੇ ਕਿਹਾ ਕਿ ਇਹ ਸਭ ਮਨੀਸ਼ ਸਿਸੋਦੀਆ ਦੇ ਬਿਆਨ “ਸਾਮ, ਦੰਡ ਤੇ ਭੇਦ” ਦੀ ਤਰਜ਼ ‘ਤੇ ਹੋ ਰਿਹਾ ਹੈ। ਅਸੀਂ ਰਾਜਪਾਲ ਨੂੰ ਆਪਣੀਆਂ ਸਾਰੀਆਂ ਚਿੰਤਾਵਾਂ ਤੋਂ ਜਾਣੂ ਕਰਵਾ ਦਿੱਤਾ ਹੈ। ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਨੀਤਕ ਲੜਾਈਆਂ ਨੂੰ ਰਾਜਨੀਤਕ ਤਰੀਕੇ ਨਾਲ ਲੜਨ ਦੀ ਸਲਾਹ ਦਿੰਦਾ ਹਾਂ। ਤੁਸੀਂ ਭਾਜਪਾ ਤੋਂ ਕਿਉਂ ਡਰਦੇ ਹੋ? ਕੀ ਤੁਸੀਂ ਨਹੀਂ ਚਾਹੁੰਦੇ ਕਿ ਗਰੀਬਾਂ ਨੂੰ ਕੇਂਦਰ ਸਰਕਾਰ ਦੁਆਰਾ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਮਿਲੇ? ਅਸੀਂ ਰੁਕਣ ਵਾਲੇ ਨਹੀਂ। ਸਰਕਾਰ ਗੈਰ-ਸੰਵਿਧਾਨਕ ਤਰੀਕੇ ਅਪਣਾ ਰਹੀ ਹੈ ਪਰ ਡਰਨ ਦੀ ਕੋਈ ਗੱਲ ਨਹੀਂ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਜਦੋਂ ਔਰਤਾਂ ਤੋਂ ਫਾਰਮ ਭਰਵਾਏ ਗਏ ਸਨ ਤਾਂ ਡਾਟਾ ਚੋਰੀ ਹੋ ਗਿਆ ਸੀ। ਹੁਣ ਸਰਕਾਰ ਆਪਣੇ ਆਪ ਨੂੰ ਸਹੀ ਸਾਬਤ ਕਰਨ ਲਈ ਨਕਲੀ ਲੋਕ ਬਣਾ ਰਹੀ ਹੈ। ਤੁਸੀਂ ਔਰਤਾਂ ਤੋਂ ਫਾਰਮ ਭਰਵਾਏ, ਪਰ ਉਨ੍ਹਾਂ ਨੂੰ ਕੁਝ ਨਹੀਂ ਦਿੱਤਾ। ਅਸੀਂ ਸਰਕਾਰ ਦੀ ਇਸ ਕਾਰਵਾਈ ਦੀ ਨਿੰਦਾ ਕਰਦੇ ਹਾਂ। ਰਾਜਪੁਰਾ ਰੈਲੀ ਤੋਂ ਬਾਅਦ ਸਰਕਾਰ ਡਰੀ ਹੋਈ ਹੈ ਤੇ ਸੇਵਾ ਦੇ ਕੰਮ ਵਿੱਚ ਰੁਕਾਵਟਾਂ ਪੈਦਾ ਕਰ ਰਹੀ ਹੈ।
ਦੂਸਰੇ ਪਾਸੇ, ਆਮ ਆਦਮੀ ਪਾਰਟੀ ਦੇ ਨੇਤਾ ਨੀਲ ਗਰਗ ਨੇ ਕਿਹਾ ਕਿ ਕੁਝ ਫਰਜ਼ੀ ਲੋਕ ਡਾਟਾ ਇਕੱਠਾ ਕਰ ਰਹੇ ਹਨ ਤੇ ਇਸ ਤਰ੍ਹਾਂ ਲੋਕਾਂ ਨਾਲ ਧੋਖਾ ਕੀਤਾ ਜਾ ਸਕਦਾ ਹੈ। ਇਸ ਲਈ ਸਖ਼ਤੀ ਵਰਤੀ ਗਈ ਹੈ। ਕਿਸੇ ਨੂੰ ਵੀ ਰਾਜਨੀਤਕ ਗਤੀਵਿਧੀ ਕਰਨ ਤੋਂ ਨਹੀਂ ਰੋਕਿਆ ਜਾ ਰਿਹਾ। ਕੇਂਦਰ ਸਰਕਾਰ ਦੀਆਂ ਯੋਜਨਾਵਾਂ ਰਾਜ ਸਰਕਾਰ ਰਾਹੀਂ ਲਾਗੂ ਕੀਤੀਆਂ ਜਾਂਦੀਆਂ ਹਨ। ਅਜਿਹੀ ਸਥਿਤੀ ਵਿੱਚ ਇੱਕ ਰਾਜਨੀਤਕ ਪਾਰਟੀ ਇਨ੍ਹਾਂ ਯੋਜਨਾਵਾਂ ਨੂੰ ਸਿੱਧੇ ਤੌਰ ‘ਤੇ ਕਿਵੇਂ ਲਾਗੂ ਕਰ ਸਕਦੀ ਹੈ ?
ਉਨ੍ਹਾਂ ਕਿਹਾ ਕਿ ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ 2023 ਤਹਿਤ, ਵਿਅਕਤੀ ਦੀ ਸਹਿਮਤੀ ਤੋਂ ਬਿਨਾਂ ਕਿਸੇ ਵੀ ਤਰ੍ਹਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰਨਾ ਜਾਂ ਵਰਤੋਂ ਕਰਨਾ ਕਾਨੂੰਨੀ ਅਪਰਾਧ ਹੈ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਸਨ। ਸਰਕਾਰ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਕਿਸੇ ਨਾਲ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ।
ਜਦੋਂ ਇਸ ਸਬੰਧੀ ਥਾਣਾ ਮੁਖੀ ਜੋੜਕੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ ਮਨਜ਼ੂਰੀ ਲੈਣ ਦਾ ਸੀ ਪਰ ਮੈਂ ਬਾਹਰ ਹਾਂ ਇਸਦੀ ਦੇਖਰੇਖ ਐਸਐਚਓ ਕਰ ਰਹੇ ਹਨ।

