ਲੋਕਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ
ਸੰਜੀਵ ਜਿੰਦਲ
ਮਾਨਸਾ,2 ਸਤੰਬਰ :ਖੇਤੀਬਾੜੀ ਮੁਲਾਜ਼ਮ ਐਕਸ਼ਨ ਕਮੇਟੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮਾਨਸਾ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਡਿਪਟੀ ਕਮਿਸ਼ਨਰ ਨੂੰ 11 ਹਜ਼ਾਰ ਰੁਪਏ ਦਾ ਚੈਂਕ ਸੌਂਪਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈ.ਏ.ਐਸ. ਨੇ ਖੇਤੀਬਾੜੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਸਾਰਿਆਂ ਨੂੰ ਪੀੜ੍ਹਤ ਲੋਕਾਂ ਦੀ ਮਦਦ ਲਈ ਅੱਗੇ ਆਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਕੁਦਰਤ ਦੀ ਮਾਰ ਹੇਠ ਆਏ ਲੋਕਾਂ ਦੀ ਸਹਾਇਤਾ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੀੜ੍ਹਤ ਲੋਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਈ ਜਾ ਰਹੀ ਹੈ।ਉਨ੍ਹਾਂ ਹੋਰਨਾਂ ਸੰਸਥਾਵਾਂ ਅਤੇ ਲੋਕਾਂ ਨੂੰ ਵੀ ਇਨ੍ਹਾਂ ਬਰਸਾਤਾਂ ਦੇ ਕਾਰਨ ਪੈਦਾ ਹੋਏ ਹਾਲਾਤਾਂ ਵਿੱਚ ਪੀੜ੍ਹਤਾਂ ਦੀ ਸਹਾਇਤਾ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ, ਤਾਂ ਜੋ ਇਸ ਕੁਦਰਤੀ ਕਰੋਪੀ ਦੌਰਾਨ ਇੱਕ-ਇੱਕ ਪੀੜਤ ਅਤੇ ਪਰਿਵਾਰ ਨੂੰ ਸੰਭਾਲਿਆ ਜਾ ਸਕੇ।
ਕਨਵੀਨਰ ਖੇਤੀਬਾੜੀ ਮੁਲਾਜ਼ਮ ਐਕਸ਼ਨ ਕਮੇਟੀ ਸ਼੍ਰੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਹ ਹਰ ਸਮੇਂ ਕਿਸਾਨਾਂ ਦੀ ਮਦਦ ਲਈ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਵੱਲੋਂ ਜੋ ਵੀ ਸਹਾਇਤਾ ਖੇਤੀਬਾੜੀ ਵਿਭਾਗ ਰਾਹੀਂ ਫਸਲਾਂ ਦੇ ਬੀਜ, ਦਵਾਈਆਂ ਅਤੇ ਹੋਰ ਸਮੱਗਰੀ ਭੇਜੀ ਜਾਵੇਗੀ, ਉਹ ਸਮੇਂ ਸਿਰ ਕਿਸਾਨਾਂ ਤੱਕ ਪੁੱਜਦੀ ਕੀਤੀ ਜਾਵੇਗੀ।
ਇਸ ਮੌਕੇ ਐਕਸ਼ਨ ਕਮੇਟੀ ਦੇ ਵਿੱਤ ਸਕੱਤਰ ਸਿਮਰਜੀਤ ਸਿੰਘ, ਜਨਰਲ ਸਕੱਤਰ ਗੁਰਦੀਪ ਸਿੰਘ ਅਤੇ ਸਹਾਇਕ ਸਕੱਤਰ ਗੁਰਬਖ਼ਸ਼ ਸਿੰਘ ਵੀ ਮੌਜੂਦ ਸਨ।