ਸੰਜੀਵ ਜਿੰਦਲ
ਸਰਦੂਲਗੜ੍ਹ/ਮਾਨਸਾ, 19 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਦੀਆਂ ਹਦਾਇਤਾਂ ‘ਤੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਜੀਤ ਪਾਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪਰਾਲੀ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਏਰੀਏ ਦੇ ਪਿੰਡਾਂ ਵਿਚ ਜਾ ਕੇ ਲੋਕਾਂ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਤੋਂ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕੋਆਪਰੇਟਿਵ ਸੋਸਾਇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਲਈ ਪ੍ਰੇਰਿਤ ਕਰਨ।
ਉਨ੍ਹਾਂ ਸਮੂਹ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਆਪਣੇ ਅਧੀਨ ਆਉਂਦੇ ਨੋਡਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਪਿੰਡਾਂ ਵਿਚ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ। ਇਸ ਮੌਕੇ ਤਹਿਸੀਲਦਾਰ ਸਰਦੂਲਗੜ੍ਹ ਨੂੰ ਹਦਾਇਤ ਕੀਤੀ ਗਈ ਕਿ ਉਹ ਕਾਨੂੰਗੋਜ਼, ਪਟਵਾਰੀਆਂ ਅਤੇ ਪਿੰਡਾਂ ਦੇ ਨੰਬਰਦਾਰਾਂ, ਚੌਂਕੀਦਾਰਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਪਿੰਡ ਵਿਚ ਪਰਾਲੀ ਨਾ ਸਾੜੀ ਜਾਵੇ।
ਐਸ.ਡੀ.ਐਮ. ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾਂ ਪ੍ਰਦੂਸ਼ਿਤ ਹੁੰਦਾ ਹੀ ਹੈ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਇਸ ਲਈ ਵਾਤਾਵਰਣ ਅਤੇ ਜ਼ਮੀਨ ਦੀ ਸੁਰੱਖਿਆ ਲਈ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਕਿਸਾਨ।