ਪਿੰਡ ਭੈਣੀ ਬਾਘਾ ਵਿਖੇ ਆਯੋਜਿਤ ਕਿਸਾਨ ਸਿਖਲਾਈ ਕੈਂਪ *ਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ
ਪੰਚਾਇਤ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ, ਹੱਲ ਦਾ ਦਿੱਤਾ ਭਰੋਸਾ
ਸੰਜੀਵ ਜਿੰਦਲ
ਮਾਨਸਾ, 25 ਸਤੰਬਰ : ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ ਅਤੇ ਜਿ਼ਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਪਿੰਡ ਭੈਣੀ ਬਾਘਾ ਵਿਖੇ ਕਿਸਾਨ ਸਿਖਲਾਈ ਕੈਂਪ ਵਿਚ ਸਿ਼ਰਕਤ ਕੀਤੀ।ਉਨ੍ਹਾਂ ਕਿਹਾ ਕਿ ਹੌਟ ਸਪੌਟ ਪਿੰਡਾਂ ਵਿਚ ਇਸ ਤਰ੍ਹਾਂ ਦੇ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਦੀ ਸੰਭਾਲ ਲਈ ਹਰ ਤਰ੍ਹਾਂ ਦੇ ਉਪਰਾਲੇ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਤੀਬਾੜੀ ਵਿਭਾਗ ਦੁਆਰਾ ਖੇਤੀ ਮਸ਼ੀਨਰੀ ਉਪਦਾਨ *ਤੇ ਮੁਹੱਈਆ ਕਰਵਾਈ ਗਈ ਹੈ ਅਤੇ ਪਿੰਡਾਂ ਵਿੱਚ ਕਿਸਾਨ ਵਾਰ ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਬੇਲਰ ਮਾਲਕ, ਇੰਡਸਟਰੀ ਮਾਲਕ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕੈਂਪ ਦੌਰਾਨ ਪਿੰਡ ਦੀ ਪੰਚਾਇਤ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਸ਼ਕਿਲਾਂ ਦਾ ਤੁਰੰਤ ਹੱਲ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਨੋਡਲ ਅਫ਼ਸਰ, ਕਲੱਸਟਰ ਅਫ਼ਸਰ ਆਦਿ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਕਿ ਪਰਾਲੀ ਦੇ ਦਿਨਾਂ ਵਿੱਚ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨਗੇ।
ਇਸ ਮੌਕੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਜਿ਼ਲ੍ਹੇ ਦੀਆਂ 5 ਪਰਾਲੀ ਪ੍ਰੋਟੈਕਸ਼ਨ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ ਤਾਂ ਜ਼ੋ ਕਿਤੇ ਵੀ ਕੋਈ ਦੁਰਘਟਨਾ ਨਾ ਵਾਪਰੇ।
ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਅਤੇ ਇਨ ਸੀਟੂ ਅਤੇ ਐਕਸ ਸੀਟੂ ਤਕਨੀਕ ਨਾਲ ਪਰਾਲੀ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਫਸਲਾਂ ਦੀ ਕਾਸ਼ਤ ਸਬੰਧੀ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਡਾ. ਗੁਰਲੀਨ ਕੌਰ, ਆਈ.ਏ.ਐਸ. ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਡਾ. ਚਮਨਦੀਪ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ), ਡਾ. ਸੁਖਜਿੰਦਰ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਹਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਗੁਰਬਖਸ਼ ਸਿੰਘ, ਸੁਖਵਿੰਦਰ ਸਿੰਘ, ਦਵਿੰਦਰ ਸਿੰਘ ਖੇਤੀਬਾੜੀ ਉਪ—ਨਿਰੀਖਕ, ਗੁਰਦੀਪ ਸਿੰਘ, ਚਾਨਣ ਸਿੰਘ ਬੇਲਦਾਰ, ਪੰਚਾਇਤ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।