
ਸੰਜੀਵ ਜਿੰਦਲ
ਮਾਨਸਾ, 08 ਅਕਤੂਬਰ ( ਸੰਜੀਵ ਜਿੰਦਲ ): ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਵੱਲੋਂ ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦਿਆਂ ਸਿਹਤ ਵਿਭਾਗ ਨੂੰ ਖਾਣ-ਪੀਣ ਦੀਆਂ ਵਸਤਾਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਰੋਜ਼ਾਨਾਂ ਚੈਕਿੰਗ ਲਈ ਹਦਾਇਤਾਂ ਕੀਤੀਆਂ ਗਈਆਂ ਹਨ।
ਇਸੇ ਲੜੀ ਤਹਿਤ ਸਿਵਲ ਸਰਜਨ ਮਾਨਸਾ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਵੱਖ-ਵੱਖ ਮਿਠਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਇਸ ਸਬੰਧੀ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ ਸ਼ੁੱਧ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਲਈ ਵਿੱਢੀ ਮੁਹਿੰਮ ਅਤੇ ਤਿਓਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਦੀ ਟੀਮ ਵੱਲੋਂ ਝੁਨੀਰ, ਸਰਦੂਲਗੜ੍ਹ, ਆਹਲੂਪੁਰ, ਸੰਘਾ, ਮਾਨਸਾ ਅਤੇ ਬੁਢਲਾਡਾ ਵਿਖੇ ਵੱਖ-ਵੱਖ ਦੁਕਾਨਾਂ ਦਾ ਦੌਰਾ ਕਰਕੇ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਗਏ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਸਿਲਵਰ ਵਰਕ ਵਾਲੀਆਂ ਮਿਠਾਈਆਂ, ਪੈਕਿੰਗ ਵਾਲੀਆਂ ਮਿਠਾਈਆਂ ਅਤੇ ਦੇਸੀ ਘਿਓ ਵਾਲੀਆਂ ਮਿਠਾਈਆਂ ਦੇ ਸੈਂਪਲ ਲਏ ਗਏ। ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਕਰਨ ਵਾਲੇ ਦੁਕਾਨਦਾਰਾਂ ਖਿਲਾਫ਼ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਧੀਨ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੀ ਸਾਫ਼-ਸਫ਼ਾਈ ਰੱਖਣ ਅਤੇ ਖਾਣ-ਪੀਣ ਦੀਆਂ ਵਸਤਾਂ ਨੂੰ ਢਕ ਕੇ ਰੱਖਣ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।