ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਅਹਿਮ ਮੀਟਿੰਗ
ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਸਕੀਮਾਂ ਦਾ ਲਿਆ ਜਾਇਜ਼ਾ
ਕਰਨਪ੍ਰੀਤ ਕਰਨ / ਬਿਊਰੋ / ਪ੍ਰਾਈਮ ਪੋਸਟ ਪੰਜਾਬ
ਬਰਨਾਲਾ, 3 ਮਾਰਚ : ਜ਼ਿਲ੍ਹੇ ਵਿੱਚ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਅਨੁਸੂਚਿਤ ਜਾਤੀਆਂ ਸਬ ਪਲਾਨ ਅਤੇ ਵਿਸ਼ੇਸ਼ ਕੇਂਦਰੀ ਸਹਾਇਤਾ ਅਧੀਨ ਆਉਂਦੀਆਂ ਵੱਖ-ਵੱਖ ਸਕੀਮਾਂ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲਿਆ ਗਿਆ।
ਮੀਟਿੰਗ ਦੌਰਾਨ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਸਮੂਹ ਸਕੀਮਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ ਸਬ ਪਲਾਨ ਅਤੇ ਵਿਸ਼ੇਸ਼ ਕੇਂਦਰੀ ਸਹਾਇਤਾ ਅਧੀਨ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਤਨਦੇਹੀ ਨਾਲ ਅਨੁਸੂਚਿਤ ਜਾਤੀ ਦੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਿੰਦਰਜੀਤ ਸਿੰਘ ਧਾਲੀਵਾਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

