ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਪੰਜਾਬ ਵਾਟਰ ਰਿਸੋਰਸਿਸ ਐਕਟ 2020 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼
ਉਦਯੋਗਾਂ, ਫੈਕਟਰੀਆਂ ਅਤੇ ਮੈਰਿਜ ਪੈਲੇਸਾਂ ਲਈ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ
ਸੰਜੀਵ ਜਿੰਦਲ
ਮਾਨਸਾ, 5 ਮਾਰਚ : ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਅੱਜ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਸਮੂਹ ਵਿਭਾਗਾਂ ਨੂੰ ਪਾਣੀ ਦੀ ਬੱਚਤ ਲਈ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕੁਦਰਤੀ ਸੋਮੇ, ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਅਤੇ ਇਸ ਨੂੰ ਪ੍ਰਦੂਸ਼ਿਤ ਕਰਨ ਵਾਲੇ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਕਮੇਟੀ ਦਾ ਮੁੱਖ ਕੰਮ ਜ਼ਿਲ੍ਹਾ ਪੱਧਰ ‘ਤੇ ਪਾਣੀ ਦੀ ਵਰਤੋਂ ਨੂੰ ਨਿਯਮਤ ਕਰਨਾ ਅਤੇ ਇਸ ਦੇ ਪ੍ਰਬੰਧਨ ਲਈ ਬਣਾਏ ਗਏ ਕਾਨੂੰਨਾਂ ਨੂੰ ਲਾਗੂ ਕਰਨਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਫੈਕਟਰੀਆਂ ਜਾਂ ਹੋਰ ਅਦਾਰਿਆਂ ਵੱਲੋਂ ਪਾਣੀ ਨੂੰ ਬਿਨਾਂ ਵਜ੍ਹਾ ਬਰਬਾਦ ਕਰਨ ਜਾਂ ਗੰਦਾ ਪਾਣੀ ਸਿੱਧਾ ਧਰਤੀ ਹੇਠਾਂ ਪਾਉਣ ‘ਤੇ ਰੋਕ ਲਗਾਉਣਾ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ‘ਪੰਜਾਬ ਵਾਟਰ ਰਿਸੋਰਸਿਸ (ਰੈਗੂਲੇਸ਼ਨ ਤੇ ਮੈਨੇਜਮੈਂਟ ਐਕਟ 2020) ਨੂੰ ਜ਼ਮੀਨੀ ਪੱਧਰ ‘ਤੇ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਅਜਿਹੀਆਂ ਉਦਯੋਗਿਕ ਇਕਾਈਆਂ, ਫੈਕਟਰੀਆਂ ਅਤੇ ਮੈਰਿਜ ਪੈਲੇਸਾਂ ਵਰਗੇ ਵਪਾਰਕ ਅਦਾਰਿਆਂ ਲਈ ਇਸ ਐਕਟ ਅਧੀਨ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਹੈ, ਜਿਹੜੇ ਅਦਾਰਿਆਂ ਵਿੱਚ ਰੋਜ਼ਾਨਾ 10 ਹਜ਼ਾਰ ਲੀਟਰ ਤੋਂ ਵੱਧ ਪਾਣੀ ਦੀ ਖਪਤ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਉਦਯੋਗਿਕ ਅਦਾਰੇ ਅਤੇ ਫੈਕਟਰੀਆਂ ਮਾਲਕ, ਫਲੋਅ ਮੀਟਰ ਜ਼ਰੂਰ ਲਗਵਾਉਣ ਤਾਂ ਜੋ ਪਾਣੀ ਦੀ ਸਹੀ ਖਪਤ ਦਾ ਪਤਾ ਲੱਗ ਸਕੇ।
ਮੀਟਿੰਗ ਦੌਰਾਨ ਬਰਸਾਤੀ ਪਾਣੀ ਦੇ ਉਚਿਤ ਭੰਡਾਰਨ ਅਤੇ ਰੀਚਾਰਜਿੰਗ ਸਿਸਟਮ ਲਗਾਉਣ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਤਾਂ ਜੋ ਮੀਂਹ ਦੇ ਪਾਣੀ ਨੂੰ ਅਜਾਈ ਨਸ਼ਟ ਹੋਣ ਤੋਂ ਰੋਕਿਆ ਜਾ ਸਕੇ। ਡੀਸੀ ਵੱਲੋਂ ਪਾਣੀ ਦੇ ਸਰੋਤਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਨਿਰੰਤਰ ਚੈਕਿੰਗ ਕਰਨ ਲਈ ਵੀ ਕਿਹਾ ਗਿਆ।
ਡੀਸੀ ਨਵਜੋਤ ਕੌਰ ਨੇ ਕਿਹਾ ਕਿ ਪਾਣੀ ਕੁਦਰਤ ਦੀ ਅਨਮੋਲ ਦਾਤ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਨੂੰ ਬਚਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਇਸ ਮੁਹਿੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਾਣੀ ਦੀ ਸੁਚੱਜੀ ਵਰਤੋਂ ਕਰਨ ਅਤੇ ਪਾਣੀ ਨੂੰ ਬਚਾਉਣ ਦੀ ਇਸ ਮੁਹਿੰਮ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਦੇਣ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਵਿੱਚ ਏ.ਡੀ.ਸੀ. (ਜ) ਅਨੁਪ੍ਰਿਤਾ ਜੌਹਲ, ਏਡੀਸੀ (ਵਿਕਾਸ) ਆਕਾਸ਼ ਬਾਂਸਲ, ਮੁੱਖ ਮੰਤਰੀ ਫੀਲਡ ਅਫਸਰ ਗੁਰਲੀਨ ਕੌਰ, ਐਸ.ਡੀ.ਐਮ ਮਾਨਸਾ ਬਲਜੀਤ ਕੌਰ , ਐਸ.ਡੀ.ਐਮ ਬੁਢਲਾਡਾ ਗਗਨਦੀਪ ਸਿੰਘ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸਡੀਓ ਕੈਨਾਲ ਅਮਨ ਕੁਮਾਰ ਦੇ ਨਾਲ ਨਾਲ ਡਰੇਨੇਜ ਵਿਭਾਗ, ਪੰਚਾਇਤੀ ਰਾਜ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਨੁਮਾਇੰਦੇ ਹਾਜ਼ਰ ਸਨ।

