ਸੰਜੀਵ ਜਿੰਦਲ
ਮਾਨਸਾ, 1 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਕਣਕ ਕੱਟਣ ਉਪਰੰਤ ਨਾੜ ਨੂੰ ਅੱਗ ਲਗਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।
ਹੁਕਮ ਵਿਚ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2026 ਸ਼ੁਰੂ ਹੋਣ ਵਾਲਾ ਹੈ। ਆਮ ਤੌਰ ‘ਤੇ ਵੇਖਣ ਵਿਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੂਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਹਵਾ ਵਿਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ/ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਰਲੀ ਸਤ੍ਹਾ ਜਲਣ ਕਰਕੇ ਇਸ ਵਿਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ। ਇਸ ਨਾਲ ਆਲੇ ਦੁਆਲੇ ਖੜ੍ਹੀਆਂ ਫਸਲਾਂ ਤੋਂ ਇਲਾਵਾ ਪਿੰਡ ਦੀ ਆਬਾਦੀ ਦੇ ਵਿਚ ਵੀ ਅੱਗ ਫੈਲਣ ਦਾ ਡਰ ਬਣਿਆ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕਾਂ ਦੁਆਲੇ ਮੌਜੂਦ ਰਹਿੰਦ ਖੂੰਹਦ ਨੁੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ। ਇਸ ਨਾਲ ਪਿੰਡਾਂ ਵਿਚ ਲੜਾਈ ਝਗੜਾ ਹੋਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਅਸਿੱਧੇ ਤੌਰ ‘ਤੇ ਇਸ ਦਾ ਅਸਰ ਦੇਸ਼ ਦੇ ਉਤਪਾਦਨ ‘ਤੇ ਪੈਂਦਾ ਹੈ। ਇਹ ਹੁਕਮ 31 ਮਈ, 2026 ਤੱਕ ਲਾਗੂ ਰਹੇਗਾ।

