ਸ਼ਹੀਦ ਭਗਤ ਸਿੰਘ ਮੈਮੋਰੀਅਲ ਲਾਇਬ੍ਰੇਰੀ ਲੋੜਵੰਦ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗੀ: ਸੰਤ ਸੀਚੇਵਾਲ
ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸੰਤ ਸੀਚੇਵਾਲ ਦੇ ਉੱਦਮ ਲਈ ਕੀਤਾ ਧੰਨਵਾਦ
ਸੰਜੀਵ ਜਿੰਦਲ
ਬੁਢਲਾਡਾ, 6 ਅਪ੍ਰੈਲ : ਮੈਂਬਰ ਰਾਜ ਸਭਾ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਬੁਢਲਾਡਾ ਵਿਖੇ ਇੱਕ ਅਹਿਮ ਪ੍ਰੋਗਰਾਮ ਦੌਰਾਨ ‘ਸ਼ਹੀਦ ਭਗਤ ਸਿੰਘ ਮੈਮੋਰੀਅਲ ਡਿਜੀਟਲ ਲਾਇਬ੍ਰੇਰੀ’ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਉਨ੍ਹਾਂ ਇਸ ਮੌਕੇ 13 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਵੀ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਮਾਤਾ ਗੁਜਰੀ ਜੀ ਭਲਾਈ ਕੇਂਦਰ ਵੱਲੋਂ ਲਾਇਬ੍ਰੇਰੀ ਬਣਾਉਣ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ, “ਸ਼ਹੀਦ ਭਗਤ ਸਿੰਘ ਮੈਮੋਰੀਅਲ ਲਾਇਬ੍ਰੇਰੀ ਇਸ ਖੇਤਰ ਦੇ ਲੋੜਵੰਦ ਵਿਦਿਆਰਥੀਆਂ ਲਈ ਇੱਕ ਵਰਦਾਨ ਸਾਬਤ ਹੋਵੇਗੀ, ਜਿੱਥੇ ਆਧੁਨਿਕ ਡਿਜੀਟਲ ਸਹੂਲਤਾਂ ਰਾਹੀਂ ਨੌਜਵਾਨ ਆਪਣੇ ਭਵਿੱਖ ਨੂੰ ਰੁਸ਼ਨਾ ਸਕਣਗੇ।”
ਸੰਤ ਸੀਚੇਵਾਲ ਨੇ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦਿੰਦੇ ਹੋਏ ਸਾਨੂੰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਸਮਾਜਕ ਬੁਰਾਈਆਂ ਤੋਂ ਦੂਰ ਰੱਖ ਕੇ ਇੱਕ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਦੀ ਸਖ਼ਤ ਲੋੜ ਹੈ।
ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਤ ਸੀਚੇਵਾਲ ਦੀ ਸਰਪ੍ਰਸਤੀ ਹੇਠ ਹੋਣ ਵਾਲੇ ਸਮਾਜ ਭਲਾਈ ਦੇ ਕਾਰਜ ਹਮੇਸ਼ਾਂ ਮੀਲ ਦਾ ਪੱਥਰ ਸਾਬਤ ਹੁੰਦੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਲਾਕੇ ਦੇ ਵਿਕਾਸ ਅਤੇ ਵਿਦਿਅਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਮਾਤਾ ਗੁਜਰੀ ਜੀ ਭਲਾਈ ਕੇਂਦਰ ਦੇ ਸਰਪ੍ਰਸਤ ਕੁਲਵੰਤ ਸਿੰਘ, ਬਲਬੀਰ ਛੀਨਾ, ਸੰਤ ਪਰਮਜੀਤ ਸਿੰਘ ਪੱਟੀ, ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਤੇ ਨਿਵਾਸੀ ਹਾਜ਼ਰ ਸਨ।

