ਬਿਊਰੋ ਪ੍ਰਾਈਮ ਪੋਸਟ ਪੰਜਾਬ
ਤਲਵੰਡੀ ਸਾਬੋ ਤੋਂ ਇੱਕ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਇੱਥੇ ਦੇਰ ਰਾਤ ਵਾਪਰੇ ਇੱਕ ਦਰਦਨਾਕ ਹਾਦਸੇ ਨੇ ਇੱਕ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਧੱਕ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਕਰੀਬ 11 ਵਜੇ ਇੱਕ ਮਕਾਨ ਦੇ ਕਮਰੇ ਦੀ ਛੱਤ ਅਚਾਨਕ ਡਿੱਗ ਗਈ, ਜਿਸ ਕਾਰਨ ਮਾਂ ਅਤੇ ਉਸ ਦੇ ਨਾਬਾਲਗ ਪੁੱਤਰ ਦੀ ਮੌਤ ਹੋ ਗਈ, ਜਦਕਿ ਦੋ ਧੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਹਾਦਸੇ ਵਿੱਚ ਵੀਰਪਾਲ ਕੌਰ (40) ਅਤੇ ਉਸ ਦੇ 14 ਸਾਲਾ ਪੁੱਤਰ ਅਰਸ਼ਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੁਰਘਟਨਾ ਦੌਰਾਨ ਪਰਿਵਾਰ ਦੀਆਂ ਦੋ ਧੀਆਂ ਸਨਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਵੀ ਮਲਬੇ ਹੇਠ ਆ ਕੇ ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖ਼ਮੀ ਦੋਵਾਂ ਭੈਣਾਂ ਨੂੰ ਤੁਰੰਤ ਇਲਾਜ ਲਈ ਏਮਜ਼ ਬਠਿੰਡਾ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਉਸ ਵੇਲੇ ਪਰਿਵਾਰ ਦੇ ਮੁਖੀ ਧਰਮ ਸਿੰਘ ਉਰਫ਼ ਕਾਲਾ ਕਮਰੇ ਤੋਂ ਬਾਹਰ ਸੁੱਤੇ ਹੋਏ ਸਨ, ਜਿਸ ਕਾਰਨ ਉਹ ਇਸ ਹਾਦਸੇ ਵਿੱਚ ਬਚ ਗਏ। ਧਰਮ ਸਿੰਘ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ।

ਮ੍ਰਿਤਕ ਵੀਰਪਾਲ ਕੌਰ ਅਤੇ ਅਰਸ਼ਦੀਪ ਸਿੰਘ ਦੀ ਫਾਈਲ ਫੋਟੋ
ਇਸ ਦਰਦਨਾਕ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ ਅਤੇ ਸਥਾਨਕ ਲੋਕਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

