ਅਰਜ਼ੀ ਫਾਰਮ ਆਨਲਾਈਨ ਪੋਰਟਲ foodsuppb.gov.in ‘ਤੇ ਉਪਲੱਬਧ-ਡਿਪਟੀ ਕਮਿਸ਼ਨਰ ਨਵਜੋਤ ਕੌਰ
ਬਿਨੈਕਾਰ ਅਰਜ਼ੀ ਫਾਰਮ ਆਨਲਾਈਨ ਜਾਂ ਆਫਲਾਈਨ ਵਿਧੀ ਰਾਹੀਂ ਕਰਵਾ ਸਕਦੇ ਨੇ ਜਮ੍ਹਾਂ
ਸੰਜੀਵ ਜਿੰਦਲ
ਮਾਨਸਾ, 22 ਜੁਲਾਈ: ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਕਿਊਰਿਟੀ ਐਕਟ, 2013 ਤੇ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ ਤੇ ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ ਅਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਲ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਬਰ ਸ਼ਾਮਲ ਕਰਨ ਲਈ ਫਾਰਮ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਵਿਭਾਗੀ ਵੈਬਸਾਈਟ http://foodsuppb.gov.in ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ।
ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਬਿਨੈਕਾਰ ਆਪਣੀਆਂ ਅਰਜ਼ੀਆਂ ਨਜਦੀਕੀ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ (ਸੀ.ਐੱਸ.ਸੀ.) ‘ਤੇ ਜਾ ਕੇ ਅਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਸੇਵਾ ਕੇਂਦਰ ਜਾਂ ਸੀ.ਐੱਸ.ਸੀ. ਰਾਹੀਂ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ‘ਤੇ ਬਿਨੈਕਾਰ ਨੂੰ 100 ਰੁਪਏ ਪ੍ਰਤੀ ਫਾਰਮ, ਪ੍ਰੋਸੈਸਿੰਗ ਫੀਸ ਵੀ ਜਮ੍ਹਾ ਕਰਵਾਉਣੀ ਹੋਵੇਗੀ। ਉਨ੍ਹਾਂ ਦੱਸਿਆ ਕਿ ਬਿਨੈਕਾਰ ਆਪਣੀ ਅਰਜ਼ੀ ਖੁਦ ਵੀ ਸਿੱਧੇ ਤੌਰ ‘ਤੇ https://ercms.punjab.gov.in ਪੋਰਟਲ ਰਾਹੀਂ ਆਨਲਾਈਨ ਦਰਜ ਕਰਵਾ ਸਕਦੇ ਹਨ ਅਤੇ ਫਾਰਮ ਆਨਲਾਈਨ ਜਮ੍ਹਾਂ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ।
ਇਸ ਤੋਂ ਇਲਾਵਾ ਬਿਨੈਕਾਰ ਆਪਣਾ ਫਾਰਮ ਸਮੇਤ ਦਸਤਾਵੇਜ ਅਤੇ 100/- ਪ੍ਰਤੀ ਫਾਰਮ ਫੀਸ ਨਾਲ ਸਬੰਧਤ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਇਜ਼ ਅਤੇ ਖਪਤਕਾਰ ਮਾਮਲੇ ਦੇ ਜ਼ਿਲ੍ਹਾ ਦਫ਼ਤਰ ਮਾਨਸਾ ਵਿਖੇ ਵੀ ਜਮ੍ਹਾ ਕਰਵਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਰਮ ਸਫਲਤਾਪੂਰਵਕ ਆਨਲਾਈਨ ਜਮ੍ਹਾ ਹੋਣ ‘ਤੇ ਬਿਨੇਕਾਰ ਨੂੰ ਉਸਦੇ ਮੋਬਾਇਲ ਨੰਬਰ ‘ਤੇ ਫਾਰਮ ਪ੍ਰਾਪਤੀ ਦਾ ਮੈਸਜ ਸਮੇਤ ਰਸੀਦ ਨੰਬਰ ਪ੍ਰਾਪਤ ਹੋਵੇਗਾ। ਅਰਜ਼ੀਆਂ 22 ਜੁਲਾਈ ਤੋਂ 11 ਅਗਸਤ 2026 ਦੌਰਾਨ ਹੀ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਬਿਨੈਕਾਰ ਕਿਸੇ ਵੀ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਨਲਾਈਨ ਵਿਧੀ ਰਾਹੀਂ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ ‘ਤੇ ਜਾਂ ਆਫਲਾਇਨ ਵਿਧੀ ਰਾਹੀਂ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਜ਼ਿਲ੍ਹਾ ਦਫ਼ਤਰ ਵਿਖੇ ਫਾਰਮ ਜਮ੍ਹਾਂ ਕਰਵਾ ਸਕਦਾ ਹੈ।
ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦਫ਼ਤਰ ਜਾਂ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

