
ਪਿੰਡਾਂ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਇਕੱਤਰ ਕਰਨ ਦੀ ਪ੍ਰਕਿਰਿਆ ਹੋਵੇਗੀ ਆਸਾਨ
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅਧਿਕਾਰੀਆਂ ਤੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਮੈਂਬਰਾਂ ਨਾਲ ਪ੍ਰੋਜੈਕਟ ਬਾਰੇ ਸਮੀਖਿਆ ਮੀਟਿੰਗ ਕੀਤੀ
ਸੰਜੀਵ ਜਿੰਦਲ
ਮਾਨਸਾ, 4 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਿੰਡਾਂ ਨੂੰ ਸਾਫ ਸੁਥਰਾ ਬਣਾਉਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਪ੍ਰਸ਼ਾਸਨ ਵੱਲੋਂ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਪਿੰਡਾਂ ਵਿੱਚ ਲੋਕਾਂ ਦੀ ਸੁਵਿਧਾ ਲਈ ਪਹਿਲੇ ਪੜਾਅ ਤਹਿਤ ਜ਼ਿਲ੍ਹਾ ਮਾਨਸਾ ਦੇ 70 ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਇਕਾਈਆਂ ਦੀ ਸਥਾਪਨਾ ਕਰਨ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਨਿਗਰਾਨੀ ਹੇਠ ਜ਼ਿਲੇ ਦੇ ਸਾਰੇ ਬਲਾਕਾਂ ਵਿੱਚ ਪਿੰਡਾਂ ਦੇ ਲੋਕਾਂ ਨੂੰ ਸੁੱਕਾ ਅਤੇ ਗਿੱਲਾ ਕੂੜਾ ਵੱਖ-ਵੱਖ ਕਰਨ ਦੀ ਸਿਖਲਾਈ ਸਮਾਜ ਸੇਵੀ ਸੰਗਠਨ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਪ੍ਰਗਤੀ ਅਧੀਨ ਹੈ। ਉਹਨਾਂ ਦੱਸਿਆ ਕਿ ਪਬਲਿਕ ਹੈਲਥ ਵਿਭਾਗ ਵੱਲੋਂ ਸਵੱਛ ਭਾਰਤ ਮਿਸ਼ਨ ਦੇ ਤਹਿਤ ਇਸ ਕਾਰਜ ਨੂੰ ਪੰਚਾਇਤੀ ਰਾਜ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਐਨ.ਜੀ.ਓਜ਼ ਦੀ ਮਦਦ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਠੋਸ ਕੂੜਾ ਪ੍ਰਬੰਧਨ ਦੇ ਇਹ ਪ੍ਰੋਜੈਕਟ ਅਗਲੇ ਕੁਝ ਦਿਨਾਂ ਅੰਦਰ ਹਰ ਪੱਖੋਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਨਾਲ ਪਿੰਡਾਂ ਦੇ ਵਿੱਚ ਅੰਦਰੂਨੀ ਪੱਧਰ ‘ ਲੋੜਵੰਦਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ ਅਤੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਗਿੱਲਾ ਤੇ ਸੁੱਕਾ ਕੂੜਾ ਲੋਕਾਂ ਦੇ ਘਰਾਂ ਵਿੱਚੋਂ ਇਕੱਤਰ ਕਰਨ ਲਈ ਰਿਕਸ਼ਾ ਰੇਹੜੀ ਤੇ ਵੱਖ ਵੱਖ ਡਸਟਬਿਨ ਉਪਲਬਧ ਕਰਵਾਏ ਜਾਣਗੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਕ੍ਰਿਤਿਕਾ ਗੋਇਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਰਾਊਂਡ ਗਲਾਸ ਫਾਊਂਡੇਸ਼ਨ ਦੇ ਪ੍ਰਤੀਨਿਧੀ ਸੋਮੇਸ਼ ਤੇ ਹਰਪ੍ਰੀਤ ਸਿੰਘ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੌਜੂਦ ਸਨ।

