ਸੰਜੀਵ ਜਿੰਦਲ
ਮਾਨਸਾ, 5 ਅਗਸਤ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਨੂੰ ਸੁਚੱਜੇ ਅਤੇ ਸਰਧਾਪੂਰਵਕ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵਲੋਂ ਤਿਆਰੀਆਂ ਤੇਜ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਦੀ ਅਗਵਾਈ ਹੇਠ ਸਮੀਖਿਆ ਬੈਠਕ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਗਾਮੀ ਸਮਾਗਮਾਂ ਦੀਆਂ ਤਿਆਰੀਆਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।
ਇਸ ਮੀਟਿੰਗ ਵਿੱਚ ਸਿੱਖਿਆ ਵਿਭਾਗ , ਸਿਹਤ ਵਿਭਾਗ, ਖੇਡ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਨਗਰ ਕੌਂਸਲ ਅਧਿਕਾਰੀ ਅਤੇ ਵਣ ਵਿਭਾਗ ਦੇ ਅਧਿਕਾਰੀ ਹਾਜ਼ਰ ਹੋਏ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮਾਂ ਦੀ ਪੂਰੀ ਰੂਪ-ਰੇਖਾ ਸਮੇਂ ਸਿਰ ਤਿਆਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਦੱਸਿਆ ਕਿ ਗੁਰੂ ਸਾਹਿਬ ਦੀ ਯਾਦ ਨੂੰ ਸਮਰਪਿਤ ਇਹਨਾਂ ਸਮਾਗਮਾਂ ਦੇ ਤਹਿਤ ਜਿੱਥੇ ਮਾਨਵਤਾ ਦੀ ਸੇਵਾ ਵਜੋਂ ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਉੱਥੇ ਹੀ ਬੱਚਿਆਂ ਅਤੇ ਨੌਜਵਾਨ ਪੀੜੀ ਨੂੰ ਖੇਡ ਗਤੀਵਿਧੀਆਂ ਨਾਲ ਜੋੜਿਆ ਜਾਵੇਗਾ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਲਕਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ ਸਿਧਾਂਤਾਂ ਅਤੇ ਸਿੱਖਿਆਵਾਂ ਉੱਤੇ ਅਧਾਰਿਤ ਡਰੋਨ ਸ਼ੋ ਵੀ ਕਰਵਾਏ ਜਾਣਗੇ।
ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ ਐੱਸ.ਪੀ. ਪਰਦੀਪ ਸੰਧੂ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

