ਨਾਗਰਿਕਾਂ ਦੀਆਂ ਸਮੱਸਿਆਵਾਂ ਦੇ ਤਰਜੀਹੀ ਹੱਲ ਨੂੰ ਯਕੀਨੀ ਬਣਾਉਣ ਦੀ ਹਦਾਇਤ
ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ‘ਤੇ ਜ਼ੋਰ
ਸੰਜੀਵ ਜਿੰਦਲ
ਮਾਨਸਾ, 1 ਅਕਤੂਬਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਉਤੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਅੱਜ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਚੈਕਿੰਗ ਦਾ ਮੁੱਖ ਮੰਤਵ ਸਰਕਾਰੀ ਦਫ਼ਤਰਾਂ ਵਿੱਚ ਕੰਮ-ਕਾਜ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਅਤੇ ਆਮ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੇਵਾਵਾਂ ਪ੍ਰਦਾਨ ਕਰਨਾ ਸੀ।
ਚੈਕਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦਫ਼ਤਰ ਦੇ ਵੱਖ-ਵੱਖ ਬ੍ਰਾਂਚਾਂ, ਰਿਕਾਰਡ ਰੂਮ ਅਤੇ ਕੰਮ ਕਰਨ ਦੇ ਢੰਗ-ਤਰੀਕਿਆਂ ਦਾ ਡੂੰਘਾਈ ਨਾਲ ਨਿਰੀਖਣ ਕੀਤਾ। ਉਨ੍ਹਾਂ ਦਫ਼ਤਰ ਦੇ ਅੰਦਰ ਅਤੇ ਬਾਹਰ ਸਾਫ਼-ਸਫ਼ਾਈ ਦੀ ਵਿਸ਼ੇਸ਼ ਤੌਰ ‘ਤੇ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਬੈਠਣ ਵਾਲੇ ਸਥਾਨਾਂ ‘ਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਪ੍ਰਬੰਧ ਰੱਖਿਆ ਜਾਵੇ।
ਪੂਨਮ ਸਿੰਘ ਨੇ ਦਫ਼ਤਰ ਵਿੱਚ ਆਪਣੇ ਕੰਮ-ਕਾਜ ਲਈ ਆਉਣ ਵਾਲੇ ਆਮ ਨਾਗਰਿਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਸਬ ਰਜਿਸਟਰਾਰ ਦਫ਼ਤਰ ਦੇ ਸਮੂਹ ਸਟਾਫ਼ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਦਫ਼ਤਰ ਵਿੱਚ ਆਉਣ ਵਾਲੇ ਹਰ ਨਾਗਰਿਕ ਦੀ ਸਮੱਸਿਆ ਦਾ ਤਰਜੀਹ ਦੇ ਆਧਾਰ ‘ਤੇ ਅਤੇ ਨਿਰਧਾਰਤ ਸਮਾਂ ਸੀਮਾ ਵਿੱਚ ਨਿਪਟਾਰਾ ਕੀਤਾ ਜਾਵੇ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰੀ ਕੰਮਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਖੱਜਲ-ਖੁਆਰੀ ਰਹਿਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਸੁਚਾਰੂ ਪ੍ਰਸ਼ਾਸਨ ਦੇਣਾ ਹੈ, ਜਿਸ ਲਈ ਹਰ ਸਰਕਾਰੀ ਕਰਮਚਾਰੀ ਅਤੇ ਅਧਿਕਾਰੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਏ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ ਵੀ ਮੌਜੂਦ ਸਨ।