ਪਰਾਲੀ ਸਾੜਨ ‘ਤੇ ਜ਼ੀਰੋ ਟੋਲਰੈਂਸ ਨੀਤੀ ਅਪਣਾਉਣ ਦੇ ਦਿੱਤੇ ਆਦੇਸ਼
ਅਧਿਕਾਰੀਆਂ ਨੂੰ ਫੀਲਡ ਵਿੱਚ ਤਾਇਨਾਤ ਰਹਿਣ ਅਤੇ ਲੋੜਵੰਦ ਕਿਸਾਨਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਉਪਲਬਧ ਕਰਵਾਉਣ ਦੀ ਹਦਾਇਤ
ਸੰਜੀਵ ਜਿੰਦਲ
ਮਾਨਸਾ, 3 ਨਵੰਬਰ: ਜ਼ਿਲ੍ਹਾ ਮਾਨਸਾ ਵਿੱਚ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਅਤੇ ਝੋਨੇ ਦੀ ਰਹਿੰਦ-ਖੂਹੰਦ ਦੇ ਯੋਗ ਨਿਪਟਾਰੇ ਲਈ ਜਮੀਨੀ ਪੱਧਰ ਤੇ ਹੋ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਪਰਾਲੀ ਜਾਂ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ ਅਤੇ ਅਜਿਹੀਆਂ ਘਟਨਾਵਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸਮੂਹ ਨੋਡਲ ਅਫ਼ਸਰਾਂ, ਸਰਕਲ ਅਫ਼ਸਰਾਂ ਅਤੇ ਖੇਤੀਬਾੜੀ ਵਿਕਾਸ ਅਫ਼ਸਰਾਂ ਨੂੰ ਪੂਰੀ ਤਨਦੇਹੀ ਅਤੇ ਚੌਕਸੀ ਨਾਲ ਡਿਊਟੀ ਨਿਭਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਖੇਤੀਬਾੜੀ ਵਿਕਾਸ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਹਰ ਲੋੜਵੰਦ ਕਿਸਾਨ ਤੱਕ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਅਪੀਲ ਕੀਤੀ ਕਿ ਪ੍ਰਸ਼ਾਸਨਿਕ ਤੇ ਪੁਲਿਸ ਅਧਾਰਿਤ ਚੌਕਸੀ ਟੀਮਾਂ ਪਿੰਡਾਂ ਅਤੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੁੰਦੇ ਵਾਤਾਵਰਨ ਅਤੇ ਜ਼ਮੀਨੀ ਨੁਕਸਾਨਾਂ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਕਿਸਾਨਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਨ ਸਿਰਜਣ ਵਾਸਤੇ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਕੇ ‘ਵਾਤਾਵਰਨ ਦੇ ਅਸਲ ਰਾਖੇ’ ਬਣਨ ਦਾ ਸੱਦਾ ਦਿੱਤਾ।
ਉਨ੍ਹਾਂ ਨੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਫੀਲਡ ਵਿੱਚ ਮੁਸਤੈਦ ਰਹਿਣ ਲਈ ਹਦਾਇਤ ਕੀਤੀ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ, ਡੀ.ਐੱਸ.ਪੀ., ਥਾਣਾ ਮੁਖੀਆਂ ਅਤੇ ਤਹਿਸੀਲਦਾਰਾਂ ਨੂੰ ਤਾਲਮੇਲ ਕਰਕੇ ਪਿੰਡਾਂ ਵਿੱਚ ਲਗਾਤਾਰ ਨਿਰੀਖਣ ਕਰਦੇ ਰਹਿਣ ਦੀ ਹਦਾਇਤ ਕੀਤੀ ਹੈ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ, ਉਪ ਮੰਡਲ ਮੈਜਿਸਟ੍ਰੇਟ ਬਲਜੀਤ ਕੌਰ, ਉਪ ਮੰਡਲ ਮੈਜਿਸਟ੍ਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟ੍ਰੇਟ ਬੁਢਲਾਡਾ ਗੁਰਮੀਤ ਕੁਮਾਰ, ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਮਨ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।