ਏ.ਡੀ.ਸੀ. ਕ੍ਰਿਤਿਕਾ ਗੋਇਲ ਵੱਲੋਂ ਪਿੰਡ ਤਾਮਕੋਟ ਵਿੱਚ ਵਿਕਾਸ ਕਾਰਜਾਂ ਦਾ ਨਿਰੀਖਣ
ਸੰਜੀਵ ਜਿੰਦਲ
ਮਾਨਸਾ, 4 ਨਵੰਬਰ: ਪੰਜਾਬ ਸਰਕਾਰ ਦੀ ‘ਰੰਗਲਾ ਪੰਜਾਬ’ ਸਕੀਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਦੀ ਨੁਹਾਰ ਸਵਾਰਨ ਲਈ ਚਲਾਏ ਜਾ ਰਹੇ ਵਿਕਾਸ ਕਾਰਜ ਪੂਰੀ ਤਰ੍ਹਾਂ ਪ੍ਰਗਤੀ ਅਧੀਨ ਹਨ। ਇਹਨਾਂ ਕੰਮਾਂ ਦੀ ਜ਼ਮੀਨੀ ਹਕੀਕਤ ਪਰਖਣ ਅਤੇ ਨਿਰਮਾਣ ਕਾਰਜਾਂ ਨੂੰ ਮਿਆਰੀ ਬਣਾਉਣ ਦੇ ਮਕਸਦ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਵੱਲੋਂ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ ਏ.ਡੀ.ਸੀ. (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਵੱਲੋਂ ਪਿੰਡ ਤਾਮਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਹਨਾਂ ਨੇ ਪਿੰਡ ਵਿੱਚ ਇੰਟਰਲਾਕ ਟਾਈਲਾਂ ਨਾਲ ਬਣਾਈ ਜਾ ਰਹੀ ਗਲੀ ਦੇ ਨਿਰਮਾਣ ਕਾਰਜ ਦਾ ਬਾਰੀਕੀ ਨਾਲ ਮੁਆਇਨਾ ਕੀਤਾ, ਵਰਤੀ ਜਾ ਰਹੀ ਸਮੱਗਰੀ ਦੀ ਮਿਆਰੀ ਜਾਂਚ ਕੀਤੀ ਅਤੇ ਮੌਕੇ ‘ਤੇ ਹੀ ਗਲੀ ਦੀ ਪੈਮਾਇਸ਼ ਵੀ ਕਰਵਾਈ।
ਇਸ ਮੌਕੇ ਸਮੂਹ ਬੀ.ਡੀ.ਪੀ.ਓਜ਼ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਏ.ਡੀ.ਸੀ. ਕ੍ਰਿਤਿਕਾ ਗੋਇਲ ਨੇ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇ। ਉਹਨਾਂ ਸਪੱਸ਼ਟ ਕੀਤਾ ਕਿ ਵਿਕਾਸ ਕੰਮਾਂ ਦੀ ਗੁਣਵੱਤਾ ਦੇ ਪੱਧਰ ‘ਤੇ ਕਿਸੇ ਵੀ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਾਰੀ ਫੰਡਾਂ ਦੀ ਵਰਤੋਂ ਵਿੱਚ ਕੋਈ ਵੀ ਅਣਗਿਹਲੀ ਜਾਂ ਅਨਿਯਮਿਤਤਾ ਪਾਈ ਗਈ, ਤਾਂ ਕਾਨੂੰਨ ਮੁਤਾਬਕ ਸਖ਼ਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਕੇ ਦਿਹਾਤੀ ਖੇਤਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪੁਖ਼ਤਾ ਢੰਗ ਨਾਲ ਮੁਹੱਈਆ ਕਰਵਾਉਣਾ ਹੈ।

