ਬਿਊਰੋ, ਪ੍ਰਾਈਮ ਪੋਸਟ ਪੰਜਾਬ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਨੇ ਹਰਿਆਣਾ ਨੂੰ ਮਿਲਣ ਵਾਲਾ ਪਾਣੀ ਰੋਕਿਆ ਸੀ। ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜੋ ਇਕ ਪਾਸੇ ਹਰਿਆਣਾ ਦਾ ਪਾਣੀ ਰੋਕ ਰਹੀ ਹੈ ਤੇ ਦੂਜੇ ਪਾਸੇ ਦਿੱਲੀ ਲਈ ਪਾਣੀ ਮੰਗ ਰਹੀ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਹਰਿਆਣਾ ਦਾ ਪਾਣੀ ਦੇਵੋ, ਬਾਕੀ ਗੱਲਾਂ ਬਾਅਦ ਵਿੱਚ ਹੋਣਗੀਆਂ। ਖੱਟਰ ਨੇ ਕਿਹਾ ਕਿ ‘ਆਪ’ ਸਰਕਾਰ ਦਾ ਫ਼ੈਸਲਾ ਲੋਕ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪਾਣੀ, ਹਿੰਦੀ ਬੋਲਦੇ ਇਲਾਕੇ ਦਿਓ, ਫਿਰ ਗੱਲ ਕਰਾਂਗੇ।ਕਰਨਾਲ ‘ਚ ਸੀਐੱਮ ਮਨੋਹਰ ਲਾਲ ਨੇ ‘ਆਪ’ ਅਤੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਚੰਡੀਗੜ੍ਹ ਬਾਰੇ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਰਿਆਣਾ ਦਾ ਸੀ, ਹੈ ਅਤੇ ਹਰਿਆਣਾ ਦਾ ਹੀ ਰਹੇਗਾ। ਜਦੋਂ ਤੱਕ ਪੂਰੇ ਹਰਿਆਣਾ ਦੇ ਲੋਕ ਇਕੱਠੇ ਹਨ, ਕਿਤੇ ਵੀ ਕੁਝ ਗਲਤ ਨਹੀਂ ਹੋਣ ਵਾਲਾ ਹੈ।
ਦੱਸ ਦਈਏ ਕਿ ਚੰਡੀਗੜ੍ਹ ਉਤੇ ਆਪੋ-ਆਪਣਾ ਹੱਕ ਜਤਾਉਣ ਲਈ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ ਖੜ੍ਹੇ ਹੁੰਦੇ ਦਿਖਾਈ ਦੇ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਸ ਮੁੱਦੇ ਉਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ਤੋਂ ਬਾਅਦ ਹਰਿਆਣਾ ਸਰਕਾਰ ਨੇ ਵੀ 5 ਅਪਰੈਲ ਨੂੰ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ।
ਇਸ ਸੈਸ਼ਨ ਵਿੱਚ ਚੰਡੀਗੜ੍ਹ ਉੱਤੇ ਹਰਿਆਣਾ ਦੇ ਹੱਕ ਤੇ SYL ਬਾਰੇ ਮਤਾ ਪੇਸ਼ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦੇ ਰਵੱਈਏ ਖ਼ਿਲਾਫ਼ ਵੀ ਮਤਾ ਲਿਆਂਦਾ ਜਾਵੇਗਾ। ਇਹ ਫ਼ੈਸਲਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਹੋਈ ਕੈਬਨਿਟ ਮੀਟਿੰਗ ਵਿਚ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 27 ਮਾਰਚ ਨੂੰ ਚੰਡੀਗੜ੍ਹ ਫੇਰੀ ਦੌਰਾਨ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਸੀ ਜਿਸ ਮਗਰੋਂ ਪੰਜਾਬ ਸਰਕਾਰ ਨੇ ਪਹਿਲੀ ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਮਤਾ ਪਾਸ ਕਰਕੇ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ ਸੀ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਤੋਂ ਬਾਅਦ ਹਰਿਆਣਾ ਸਰਕਾਰ ਨੇ ਹੁਣ ਅੱਜ 5 ਅਪ੍ਰੈਲ ਨੂੰ ਵਿਸ਼ੇਸ਼ ਸੈਸ਼ਨ ਸੱਦਿਆ ਹੈ ਜੋ ਸਵੇਰੇ 11 ਵਜੇ ਸ਼ੁਰੂ ਹੋਵੇਗਾ।

