ਸੰਜੀਵ ਜਿੰਦਲ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਚ ਆਮ ਆਦਮੀ ਦੀ ਸਰਕਾਰ ਆਉਣ ਤੇ ਆਮ ਲੋਕਾਂ ਅਤੇ ਮੁਲਾਜ਼ਮਾਂ ਨੂੰ ਲਗਦਾ ਸੀ ਕਿ ਕੁਝ ਬਦਲਾਅ ਹੋਵੇਗਾ ਪਰ ‘ਪੰਚਾਂ ਦਾ ਕਿਹਾ ਸਿਰ ਮੱਥੇ ਪਰਨਾਲਾ ਉੱਥੇ ਦਾ ਉੱਥੇ’ ਵਾਲੀ ਗੱਲ ਹੈ । ਬਰਨਾਲਾ ‘ਚ ਪ੍ਰਦਰਸ਼ਨਕਾਰੀ ਅਧਿਆਪਕਾਂ ‘ਤੇ ਅਨੁਸ਼ਾਸਨੀ ਕਾਰਵਾਈ ਦੇ ਹੁਕਮ ਦੇ ਕੇ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਬੀਜੇਪੀ ਨੇ ਇਸਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਤੰਜ ਕੱਸਿਆ ਤੇ ਕਿਹਾ ਕਿ ਪੱਗ ਭਗਤ ਸਿੰਘ ਵਾਲੀ ਤੇ ਕੰਮ ਅੰਗਰੇਜ਼ਾਂ ਵਾਲੇ।
ਬੀਜੇਪੀ ਪੰਜਾਬ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ‘ਪੰਜਾਬ ਵਿੱਚ ਬਦਲਾਅ ਦੀ ਸ਼ੁਰੂਆਤ ਹੋ ਗਈ ਹੈ। ‘ਆਪ’ ਸਰਕਾਰ ਨੇ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਧਰਨਾ ਦੇਣ ਵਾਲੇ ਅਧਿਆਪਕਾਂ ਖਿਲਾਫ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ ਹਨ। ਪੱਗ ਭਗਤ ਸਿੰਘ ਵਾਲੀ ਤੇ ਕੰਮ ਅੰਗਰੇਜ਼ਾਂ ਵਾਲੇ …ਬੱਲੇ ਓਏ ਭਗਵੰਤ ਮਾਨ ਸਾਬ੍ਹ … ਹੈਟ ਹੀ ਪਾ ਲਓ ਹੁਣ।’
ਜ਼ਿਕਰਯੋਗ ਹੈ ਕਿ ਬਰਨਾਲਾ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਦੇ ਬਾਹਰ ਅਧਿਆਪਕਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਆਮ ਆਦਮੀ ਪਾਰਟੀ (ਆਪ) ਸਰਕਾਰ ਭੜਕ ਗਈ ਹੈ। ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਸਾਰੇ ਅਧਿਆਪਕਾਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਤੁਰੰਤ ਇਸ ਅਨੁਸ਼ਾਸਨੀ ਕਾਰਵਾਈ ਕਰਨ ਲਈ ਕਿਹਾ ਹੈ। ਇਸ ਦੀ ਰਿਪੋਰਟ ਵੀ ਤਲਬ ਕੀਤੀ ਗਈ ਹੈ।
ਇਸ ਹੁਕਮ ਵਿੱਚ ਕਿਹਾ ਗਿਆ ਕਿ 4 ਅਪਰੈਲ ਨੂੰ ਅਧਿਆਪਕ ਘਰੇਲੂ ਜਾਂ ਜ਼ਰੂਰੀ ਕੰਮਾਂ ਲਈ ਛੁੱਟੀ ਲੈ ਕੇ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਧਰਨੇ ਵਿੱਚ ਸ਼ਾਮਲ ਹੋਏ। ਉਨ੍ਹਾਂ ਦੀ ਛੁੱਟੀ ਰੱਦ ਕਰਦਿਆਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਹੋਵੇਗੀ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਅਮਰਿੰਦਰ

ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਇਹ ਕਿਹੋ ਜਿਹੀ ਤਬਦੀਲੀ ਹੈ, ਜਿੱਥੇ ਆਪਣੇ ਹੱਕਾਂ ਲਈ ਲੜਨਾ ਵੀ ਗੁਨਾਹ ਹੈ ?

