ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ,4 ਮਈ 2022 ( ਪ੍ਰਾਈਮ ਪੋਸਟ ਪੰਜਾਬ ) : ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਯੁਵਕ ਸੇਵਾਵਾਂ ਵਿਭਾਗ ਮਾਨਸਾ ਨੁੰ ਜਿਲ੍ਹਾ ਪ੍ਰਸਾਸ਼ਨ ਦੀ ਸਰਪ੍ਰਸਤੀ ਹੇਠ ਚੱਲੀ ਸਵੀਪ ਮੁਹਿੰਮ ਵਿੱਚ ਪ੍ਰਸੰਸਾਯੋਗ ਕੰਮ ਲਈ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।ਡਿਪਟੀ ਕਮਿਸ਼ਨਰ ਮਾਨਸਾ ਨੇ ਸਨਮਾਨ ਪਾਪਤ ਕਰਨ ਵਾਲੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਨਹਿਰੂ ਯੁਵਾ ਕੇਂਦਰ ਅਤੇ ਯੁਵਕ ਸੇਵਾਵਾਂ ਵਿਭਾਗ ਆਉਣ ਵਾਲੇ ਸਮੇ ਵਿੱਚ ਵੀ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਆਪਣਾ ਸਹਿਯੋਗ ਦਿੰਦਾ ਰਹੇਗਾ।
ਸਨਮਾਨ ਪ੍ਰਾਪਤ ਕਰਨ ਵਾਲੇ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ ਅਤੇ ਲੇਖਾ ਅਤੇ ਪ੍ਰੋਗਰਾਮ ਅਫਸਰ ਡਾ.ਸੰਦੀਪ ਘੰਡ ਨੇ ਦੱਸਿਆ ਕਿ ਜਿਲ੍ਹੇ ਦੀਆਂ 308 ਯੂਥ ਕਲੱਬਾਂ ਦੇ ਸਹਿਯੋਗ ਨਾਲ ਸਵੀਪ ਗਤੀਵਿਧੀਆਂ ਲਈ ਵਿਸ਼ੇਸ ਮੁਹਿੰਮ ਚਲਾਈ ਗਈ ਸੀ ਜਿਸ ਵਿੱਚ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਨੂੰ ਨਵੇ ਵੋਟਰ ਵੱਜੋਂ ਨਾਮ ਦਰਜ ਕਰਵਾਇਆ ਗਿਆ ਅਤੇ ਚੋਣਾ ਸਮੇ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨਾ ਕਿਸੇ ਡਰ ਲਾਲਚ ਤੋਂ ਕਰਨ ਲਈ ਜਾਗਰੂਕ ਕੀਤਾ ਗਿਆ।ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਵੀ ਯੂਥ ਕਲੱਬਾਂ ਦੇ ਨੌਜਵਾਨਾਂ ਨੇ ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਵੱਲੋਂ ਵੋਟ ਦਾ ਇਸਤੇਮਾਲ ਕਰਨ ਸਮੇ ਮੱਦਦ ਕੀਤੀ ਗਈ । ਨਹਿਰੂ ਯੁਵਾ ਕੇਂਦਰ ਮਾਨਸਾ ਦੇ ਹਰ ਪ੍ਰੋਗਰਾਮ ਵਿੱਚ ਸਵੀਪ ਮੁਹਿੰਮ ਦੇ ਨਾਲ ਨਾਲ ਅਜ਼ਾਦੀ ਕਾ ਅੰਮ੍ਰਿਤਮਹਾਉਤਸਵ ਅਤੇ ਮੀੰਹ ਦੇ ਪਾਣੀ ਦੀ ਬੱਚਤ ਕਰਨ ਸਬੰਧੀ ਵੀ ਜਾਗਰੂਕ ਕੀਤਾ ਗਿਆ।
ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰਕੈਟਰ ਰਘਵੀਰ ਸਿੰਘ ਮਾਨ ਨੇ ਸਨਮਾਨਿਤ ਕਰਨ ਲਈ ਜਿਲ੍ਹਾ ਪ੍ਰਸਾਸ਼ਨ ਦਾ ਧੰਨਵਾਦ ਕੀਤਾ।ਉਹਨਾਂ ਦੱਸਿਆ ਕਿ ਉਹਨਾਂ ਦੇ ਵਿਭਾਗ ਵੱਲੋਂ ਰੈਡ ਰਿਬਨ ਕਲੱਬ ਅਤੇ ਐਨ.ਐਸ.ਐਸ.ਯੂਨਿਟਾਂ ਦੇ ਸਹਿਯੋਗ ਨਾਲ ਸਵੀਪ ਮੁਹਿੰਮ ਹੇਠ ਲੇਖ,ਭਾਸ਼ਣ,ਗੀਤ ਅਤੇ ਕੁਇੱਜ ਮੁਕਾਬਲੇ ਕਰਵਾਏ ਗਏ।ਇਸ ਤੋਂ ਇਲਾਵਾ ਡਾਈਟ ਅਹਿਮਦਪੁਰ,ਰੋਇਲ ਕਾਲਜ ਬੋੜਾਵਾਲ ਆਦਿ ਦੇ ਸਹਿਯੋਗ ਨਾਲ ਰੈਲੀਆਂ ਵੀ ਕੱਢੀਆਂ ਗਈਆਂ।ਉਹਨਾਂ ਸਮੂਹ ਯੂਥ ਕਲੱਬਾਂ ਦਾ ਧੰਨਵਾਦ ਕੀਤਾ।

