ਬਿਊਰੋ, ਪ੍ਰਾਈਮ ਪੋਸਟ ਪੰਜਾਬ
ਖੇਮਕਰਨ – ਪੰਜਾਬ ਦੀਆਂ ਹੁਣ ਤੱਕ ਦੀਆਂ ਸਰਕਾਰਾਂ ਤੇ ਪ੍ਰਸ਼ਾਸਨ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਅਸਫਲ ਰਿਹਾ ਹੈ । ਹਰ ਰੋਜ਼ ਪੰਜਾਬ ਵਿੱਚ ਕਿਸੇ ਨਾ ਕਿਸੇ ਮਾਂ ਦੀ ਕੁੱਖ ਉਜੜ ਰਹੀ ਹੈ, ਕਿਸੇ ਸੁਹਾਗਣ ਦਾ ਸੰਧੂਰ ਉਜੜ ਰਿਹਾ ਹੈ ਤੇ ਕਿਸੇ ਮਾਸੂਮ ਦੇ ਸਿਰ ਤੋਂ ਬਾਪ ਦਾ ਸਾਇਆ ਉੱਠ ਰਿਹਾ ਹੈ ਪਰ ਸਰਕਾਰਾਂ ਆਪਣੇ ਆਪ ਵਿੱਚ ਮਸਤ ਹਨ । ਇਸੇ ਤਰ੍ਹਾਂ ਦੀ ਇਕ ਘਟਨਾ ਖੇਮਕਰਨ ਤੋਂ ਸਾਹਮਣੇ ਆਈ ਹੈ । ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਮਹਿੰਦੀਪੁਰ ਵਿਖੇ ਨਸ਼ੇ ਦੀ ਓਵਰਡੋਜ਼ ਦਾ ਟੀਕਾ ਲਗਾਉਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸਤਵਿੰਦਰ ਸਿੰਘ ਉਰਫ ਢੋਡੂ (21) ਵਾਸੀ ਪਿੰਡ ਮਹਿੰਦੀਪੁਰ ਵਜੋਂ ਹੋਈ ਹੈ।

ਇਸ ਸਬੰਧੀ ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਕਬੱਡੀ ਦਾ ਖਿਡਾਰੀ ਸੀ ਪਰ ਪਿਛਲੇ ਕੁਝ ਸਮੇਂ ਤੋਂ ਨਸ਼ੇ ’ਚ ਪੈ ਗਿਆ ਸੀ। ਉਨ੍ਹਾਂ ਵੱਲੋਂ ਸਤਵਿੰਦਰ ਸਿੰਘ ਨੂੰ ਕਈ ਵਾਰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਸ਼ਾ ਨਹੀਂ ਛੱਡ ਸਕਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਬੇਟਾ ਕਰੀਬ ਸਵੇਰੇ 6 ਵਜੇ ਘਰੋਂ ਗਿਆ ਸੀ ਅਤੇ ਦੇਰ ਸ਼ਾਮ ਤੱਕ ਵਾਪਸ ਨਹੀਂ ਆਇਆ। ਇਸ ਦੌਰਾਨ ਪਿੰਡ ਦੇ ਕੁਝ ਵਿਅਕਤੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਖੇਮਕਰਨ ਵਿਖੇ ਕਿਸੇ ਦੇ ਖੇਤਾਂ ਵਿਚ ਪਿਆ ਹੈ ਤਾਂ ਜਦ ਅਸੀ ਉੱਥੇ ਗਏ ਤਾਂ ਉਸ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਸੀ।

