ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 12 ਜੂਨ 2022 : ਜਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਿ਼ਲ੍ਹਾ ਮੈਜਿਸਟੇ੍ਰਟ ਸ਼੍ਰੀ ਜਸਪ੍ਰੀਤ ਸਿੰਘ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ—2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ, ਉਨ੍ਹਾਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਾਹਨਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ।ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵਾਹਨਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ।
ਜਿ਼ਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਾਹਨ ਤੋਂ ਨੰਬਰ ਪਲੇਟ ਬਣਾਕੇ ਨਾ ਦਿੱਤੀ ਜਾਵੇ ਅਤੇ ਨੰਬਰ ਪਲੇਟ ਸਿਰਫ਼ ਵਾਹਨ *ਤੇ ਹੀ ਲਗਾਕੇ ਦਿੱਤੀ ਜਾਵੇ।ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ *ਤੇ ਇੱਕ ਰਜਿਸਟਰ ਲਗਾਇਆ ਜਾਵੇ, ਜਿਸ ਵਿੱਚ ਨੰਬਰ ਪਲੇਟ ਬਣਾਉਣ ਵਾਲੇ ਵਿਅਕਤੀ ਦਾ ਨਾਮ ਸਮੇਤ ਪੂਰਾ ਪਤਾ ਅਤੇ ਉਸ ਦੀ ਆਈ.ਡੀ. ਪਰੂਫ਼ ਦੇ ਨਾਲ ਦਰਜ ਕੀਤਾ ਜਾਵੇ।ਇਸ ਤੋਂ ਇਲਾਵਾ ਵਾਹਨ ਦਾ ਨੰਬਰ, ਚੈਸੀ ਨੰਬਰ, ਇੰਜਣ ਨੰਬਰ ਵੀ ਰਜਿਸਟਰ ਵਿੱਚ ਦਰਜ ਕਰਕੇ ਉਸ ਵਿਅਕਤੀ ਦੇ ਦਸਤਖ਼ਤ ਕਰਵਾਏ ਜਾਣ।
ਉਨ੍ਹਾਂ ਕਿਹਾ ਕਿ ਵਾਹਨ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੇ ਦੁਕਾਨਦਾਰਾਂ ਵੱਲੋਂ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਜਾਣ, ਤਾਂ ਜੋ ਕੈਮਰੇ ਗੱਡੀ ਅਤੇ ਨੰਬਰ ਪਲੇਟ ਲਗਾਉਣ ਆਏ ਵਿਅਕਤੀ ਨੂੰ ਕਵਰ ਕਰਦੇ ਹੋਣ।ਇਹ ਹੁਕਮ 31 ਜੁਲਾਈ 2022 ਤੱਕ ਲਾਗੂ ਰਹੇਗਾ।











