ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 14 ਜੂਨ 2022 : ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਜਸਪ੍ਰੀਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 mg ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰੀਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।
ਜਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪ੍ਰੈਗਾਬਲਿਨ ਕੋਨਟੇਨਿੰਗ 300 mg ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ (ਸਿਗਨੇਚਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ)। ਉਨਾਂ ਵੱਲੋਂ ਜਿਲ੍ਹਾ ਮਾਨਸਾ ਵਿੱਚ ਇਸ ਦੀ ਸੇਲ ’ਤੇ ਬੈਨ ਲਗਾਉਣ ਦੀ ਮੰਗ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸਿਵਲ ਸਰਜਨ ਵੱਲੋਂ ਪ੍ਰਾਪਤ ਰਿਪੋਰਟ ਅਨੁਸਾਰ ਆਮ ਤੌਰ ’ਤੇ ਮਰੀਜ਼ ਨੂੰ ਉਸ ਦੇ ਹਾਲਾਤਾਂ ਦੇ ਅਧਾਰ ’ਤੇ ਪ੍ਰੈਗਾਬਲਿਨ ਦੀ ਡੋਜ਼ 25-150 ਐਮ.ਜੀ. ਰੋਜ਼ਾਨਾ ਪ੍ਰੀਸਕਰਾਇਬ ਕੀਤੀ ਜਾਂਦੀ ਹੈ। ਉਪਰੋਕਤ ਹੁਕਮ 31 ਜੁਲਾਈ 2022 ਤੱਕ ਲਾਗੂ ਰਹੇਗਾ।

