ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 17 ਜੂਨ 2022 ( ਪ੍ਰਾਈਮ ਪੋਸਟ ਪੰਜਾਬ ) :ਬਾਲ ਮਜ਼ਦੂਰੀ ਨੂੰ ਠੱਲ ਪਾਉਣ ਲਈ 1 ਜੂਨ ਤੋਂ 30 ਜੂਨ 2022 ਤੱਕ ਵਿੱਢੀ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਵੱਲੋਂ ਜਿਲ੍ਹਾ ਪੱਧਰੀ ਟਾਸਕ ਫੋਰਸ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨਾਂ ਕਿਹਾ ਕਿ ਇਸ ਸਬੰਧੀ ਫੈਕਟਰੀਆਂ, ਕਬਾੜ ਦੀਆਂ ਦੁਕਾਨਾਂ, ਹੋਟਲਾਂ, ਢਾਬਿਆਂ ਅਤੇ ਹੋਰ ਅਜਿਹੀਆਂ ਥਾਵਾਂ ਜਿੱਥੇ ਬਾਲ ਮਜ਼ਦੂਰੀ ਦਾ ਅੰਦੇਸ਼ਾ ਰਹਿੰਦਾ ਹੈ, ਉਥੇ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕਿਤੇ ਵੀ ਬੱਚਿਆਂ ਦੇ ਅਧਿਕਾਰਾਂ ਦੀ ਕਿਤੇ ਵੀ ਉਲੰਘਣਾ ਪਾਈ ਜਾਂਦੀ ਹੈ, ਤਾਂ ਉਸਦੀ ਸੂਚਨਾ ਚਾਇਲਡ ਹੈਲਪ ਲਾਈਨ ਨੰਬਰ 1098 ਜਾਂ ਲੇਬਰ ਵਿਭਾਗ ਦੇ ਆਨਲਾਈਨ ਪੈਨਸਲ ਪੋਰਟਲ ਜਾਂ ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ 33 ਵਿਖੇ ਦਿੱਤੀ ਜਾਵੇ, ਤਾਂ ਜੋ ਛੋਟੇ ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਦੁਕਾਨਦਾਰਾਂ ’ਤੇ ਬਣਦੀ ਕਾਰਵਾਈ ਕੀਤੀ ਜਾ ਸਕੇ ਅਤੇ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਉਨਾਂ ਜ਼ਿਲਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਚੈਕਿੰਗ ਦੌਰਾਨ ਬਾਲ ਮਜ਼ਦੂਰੀ ਕਰਦੇ ਜੋ ਬੱਚੇ ਪਾਏ ਜਾਂਦੇ ਹਨ, ਉਨਾਂ ਨੂੰ ਸਿੱਖਿਅਤ ਕਰਨ ਲਈ ਸਕੂਲਾਂ ਵਿੱਚ ਦਾਖਲ ਕਰਵਾਇਆ ਜਾਵੇ।

ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ 30 ਜੂਨ ਤੱਕ ਵਿੱਢੀ ਗਈ ਇਸ ਮੁਹਿੰਮ ਤਹਿਤ ਟੀਮਾਂ ਵੱਲੋਂ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਬਾਲ ਮਜਦੂਰੀ ਪ੍ਰੋਹੀਬੇਸ਼ਨ ਅਤੇ ਰੈਗੂਲੇਸ਼ਨ ਐਕਟ 1986 ਦੇ ਸੈਕਸ਼ਨ 3 ਅਤੇ 14 ਅਤੇ ਜੁਵੇਨਾਈਲ ਜ਼ਸਟਿਸ ਐਕਟ ਦੇ ਸੈਕਸਨ 79 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਮੌਕੇ ਐਸ.ਪੀ. ਰਾਕੇਸ਼ ਕੁਮਾਰ, ਜ਼ਿਲਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਮੈਂਬਰ ਬਾਲ ਭਲਾਈ ਕਮੇਟੀ ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ, ਪ੍ਰੋਟੈਕਸ਼ਨ ਅਫ਼ਸਰ ਡਾ. ਅਜੈ ਤਾਇਲ, ਲੇਬਰ ਇੰਸਪੈਕਟਰ ਰਮਨਦੀਪ ਸ਼ਰਮਾ, ਚਾਈਲਡ ਲਾਈਨ ਕੋਆਰਡੀਨੇਟਰ ਕਮਲਦੀਪ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

